20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੇ 80 ਵਾਰਡਾਂ ਲਈ ਹੋਣਗੀਆਂ ਚੋਣਾਂ- ਡਾ. ਸੋਨਾ ਥਿੰਦ

ਅਜੀਤ ਡੈਸਕ 13-05-2026
ਫ਼ਤਹਿਗੜ੍ਹ ਸਾਹਿਬ, 12 ਮਈ (ਬਲਜਿੰਦਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਕੀਤੇ ਐਲਾਨ ਅਨੁਸਾਰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਪੈਂਦੀਆਂ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੇ 80 ਵਾਰਡਾਂ ਵਿਚ 5 ਮਈ ਤੱਕ ਹੋਈ ਅੰਤਿਮ ਪ੍ਰਕਾਸ਼ਨਾਂ ਅਨੁਸਾਰ ਕੁੱਲ 1 ਲੱਖ 24 ਹਜ਼ਾਰ 733 ਵੋਟਰ ਹਨ, ਜਿਸ ਵਿਚ ਪੁਰਸ਼ ਵੋਟਰ 64 ਹਜ਼ਾਰ 717, ਮਹਿਲਾ ਵੋਟਰ 60 ਹਜ਼ਾਰ 10, ਅਤੇ 6 ਥਰਡ ਜੈਂਡਰ ਵੋਟਰ ਹਨ, ਜਦਕਿ 137 ਪੋਲਿੰਗ ਬੂਥ ਬਣਾਏ ਗਏ ਹਨ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਮੂਹ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਸਮੇਤ ਚੋਣਾਂ ਨਾਲ ਸਬੰਧਤ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਦੌਰਾਨ ਸਾਂਝੀ ਕੀਤੀ | ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਨਗਰ ਕੌਂਸਲ ਚੋਣਾਂ ਲਈ 13 ਤੋਂ 16 ਮਈ ਤੱਕ ਨਾਮਜ਼ਦਗੀਆਂ ਦਾਖਲ ਕਰਵਾਈਆਂ ਜਾ ਸਕਦੀਆਂ ਹਨ | ਨਾਮਜ਼ਦਗੀਆਂ ਦੀ ਪੜਤਾਲ 18 ਮਈ ਨੂੰ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਸੀ ਪਠਾਣਾਂ ਨਗਰ ਕੌਂਸਲ ਚੋਣਾਂ ਦੇ 15 ਵਾਰਡਾਂ ਵਿਚ 16046 ਵੋਟਰ ਹਨ, ਜਿਨ੍ਹਾਂ ਵਿਚ 8283 ਪੁਰਸ਼ ਵੋਟਰ ਤੇ 7763 ਮਹਿਲਾ ਵੋਟਰ ਹਨ ਅਤੇ 19 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ | ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ ਵਿਚ 52565 ਵੋਟਰ ਹਨ, ਜਿਨ੍ਹਾਂ ਵਿਚ 27456 ਪੁਰਸ਼ ਵੋਟਰ ਅਤੇ 25108 ਮਹਿਲਾ ਵੋਟਰ ਹਨ ਅਤੇ 1 ਥਰਡ ਜੈਂਡਰ ਵੋਟਰ ਹੈ ਅਤੇ 58 ਬੂਥ ਬਣਾਏ ਗਏ ਹਨ | ਇਸੇ ਤਰ੍ਹਾਂ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ 23 ਵਾਰਡਾਂ ਵਿਚ ਕੁੱਲ 48468 ਵੋਟਰ ਹਨ, ਜਿਨ੍ਹਾਂ ਵਿਚ 25005 ਪੁਰਸ਼ ਵੋਟਰ, 23459 ਮਹਿਲਾ ਵੋਟਰ ਅਤੇ 4 ਥਰਡ ਜੈਂਡਰ ਵੋਟਰ ਹਨ ਅਤੇ 47 ਬੂਥ ਬਣਾਏ ਗਏ ਹਨ ਅਤੇ ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਵਿਚ ਕੁੱਲ 7654 ਵੋਟਰ ਹਨ, ਜਿਨ੍ਹਾਂ ਵਿਚ 3973 ਪੁਰਸ਼ ਵੋਟਰ, 3680 ਮਹਿਲਾ ਵੋਟਰ ਅਤੇ 1 ਥਰਡ ਜੈਂਡਰ ਵੋਟਰ ਹੈ ਅਤੇ 13 ਬੂਥ ਬਣਾਏ ਗਏ ਹਨ | ਡਿਪਟੀ ਕਮਿਸ਼ਨਰ ਨੇ ਸਬੰਧਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਇਲਾਕਿਆਂ ਵਿਚ ਪੈਂਦੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਜਾਵੇ ਅਤੇ ਪੋਲਿੰਗ ਬੂਥਾਂ ਵਿਚ ਜੇਕਰ ਕੋਈ ਕਮੀ ਹੋਵੇ ਤਾਂ ਉਸ ਨੂੰ ਤੁਰੰਤ ਦੂਰ ਕਰਵਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ |
ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਇਹ ਵੀ ਕਿਹਾ ਕਿ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਆਪਣੇ ਦਫ਼ਤਰਾਂ ਵਿਚ ਸੂਚੀ ਲਗਾਈ ਜਾਵੇ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਜਾ ਸਿਆਲ ਗਰੇਵਾਲ, ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਮਲੋਹ ਚਰਨਜੋਤ ਸਿੰਘ ਵਾਲੀਆ, ਬਸੀ ਪਠਾਣਾਂ ਦੀਪਜੋਤ ਕੌਰ, ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ, ਸਮੂਹ ਕਾਰਜ ਸਾਧਕ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਔਰਤਾਂ ਦੇ ਖਾਤਿਆਂ 'ਚ ਪੈਸੇ ਜਮ੍ਹਾ ਨਹੀਂ ਹੋਏ, ਪਰ 'ਆਪ' ਸਰਕਾਰ ਨੇ ਇਸ਼ਤਿਹਾਰਾਂ 'ਤੇ 6.32 ਕਰੋੜ ਰੁਪਏ ਖ਼ਰਚ ਕੀਤੇ ਹਨ... ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।