12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰੂ ਘਰਾਂ 'ਚ ਯੋਗਾ ਕਰਵਾਉਣ ਦੇ ਮਾਮਲੇ ਸੰਬੰਧੀ ਭਾਈ ਰਿਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਗੁਰੂ ਘਰਾਂ ਵਿਚ ਯੋਗਾ ਦੀਆਂ ਕਲਾਸਾਂ ਲਗਾਉਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਿਕਾਇਤ ਪੱਤਰ ਸੌਂਪਿਆ ਗਿਆ | ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਸਿੱਖ ਮਰਿਆਦਾ, ਸਿੱਖੀ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਉਲਟ ਜਾ ਕੇ ਗੁਰੂ-ਘਰਾਂ ਵਿਚ ਯੋਗਾ ਕਰਵਾਉਣ ਦੀ ਪ੍ਰਵਾਨਗੀ ਦੇਣ ਵਾਲੀਆਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਕੇ ਸਪਸ਼ਟੀਕਰਨ ਲਿਆ ਜਾਵੇ | ਜਥੇਦਾਰ ਰਿਆ ਨੇ ਕਿਹਾ ਕਿ ਉਨ੍ਹਾਂ ਕੋਲ ਕਈ ਅਜਿਹੀਆਂ ਸ਼ਿਕਾਇਤਾਂ ਪਹੁੰਚੀਆਂ ਸਨ ਜਿਨ੍ਹਾਂ ਵਿਚ ਕੁਝ ਗੁਰਦੁਆਰਾ ਸਾਹਿਬਾਨਾਂ ਅੰਦਰ ਯੋਗਾ ਲਈ ਵੱਖਰੇ ਸਥਾਨ ਬਣਾ ਕੇ ਲੋਕਾਂ ਨੂੰ ਯੋਗਾ ਕਰਵਾਇਆ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਗੁਰੂਘਰ ਸਿੱਖ ਕੌਮ ਲਈ ਸਭ ਤੋਂ ਪਵਿੱਤਰ ਅਸਥਾਨ ਹਨ, ਜਿੱਥੇ ਮਨੁੱਖ ਗੁਰਬਾਣੀ ਨਾਲ ਜੁੜ ਕੇ ਆਤਮਿਕ ਸ਼ਾਂਤੀ ਅਤੇ ਅਨੰਦ ਪ੍ਰਾਪਤ ਕਰਦਾ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨਾਂ ਵਿਚ ਸਿਰਫ਼ ਗੁਰੂ ਘਰ ਨਾਲ ਸੰਬੰਧਿਤ ਧਾਰਮਿਕ ਗਤੀਵਿਧੀਆਂ ਜਿਵੇਂ ਕਿ ਕੀਰਤਨ, ਕਥਾ, ਗੁਰਬਾਣੀ ਪਾਠ, ਸੰਗਤ ਦੀ ਸੇਵਾ ਅਤੇ ਧਾਰਮਿਕ ਪ੍ਰਚਾਰ ਹੀ ਹੋਣਾ ਚਾਹੀਦਾ ਹੈ | ਸਰੀਰਕ ਕਸਰਤਾਂ ਜਾਂ ਹੋਰ ਗੈਰ-ਧਾਰਮਿਕ ਕਾਰਜਾਂ ਲਈ ਗੁਰੂ ਘਰਾਂ ਦੀ ਵਰਤੋਂ ਕਰਨਾ ਠੀਕ ਨਹੀਂ | ਉਨ੍ਹਾਂ ਕਿਹਾ ਕਿ ਅੱਜਕੱਲ੍ਹ ਕੁੱਝ ਲੋਕ ਆਧੁਨਿਕਤਾ ਦੇ ਨਾਮ 'ਤੇ ਗੁਰੂ ਘਰਾਂ ਦੀ ਮਰਿਆਦਾ ਨਾਲ ਖਿਲਵਾੜ ਕਰ ਰਹੇ ਹਨ, ਜਿਸ ਕਾਰਨ ਸੰਗਤਾਂ ਵਿਚ ਵੀ ਚਿੰਤਾ ਦਾ ਮਾਹੌਲ ਬਣ ਰਿਹਾ ਹੈ | ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਹਰ ਹਾਲ ਵਿਚ ਕਾਇਮ ਰੱਖਣ ਕਿਉਂਕਿ ਮਨੁੱਖ ਨੂੰ ਅਸਲ ਸੁਖ ਤੇ ਆਤਮਿਕ ਸ਼ਾਂਤੀ ਗੁਰੂ ਦੀ ਸ਼ਰਨ ਵਿਚ ਆ ਕੇ ਹੀ ਮਿਲਦੀ ਹੈ | ਭਾਈ ਰਿਆ ਨੇ ਕਿਹਾ ਕਿ ਗੁਰੂ ਘਰ ਵਿਚ ਜਾ ਕੇ ਸਿਮਰਨ, ਸੇਵਾ ਅਤੇ ਗੁਰਬਾਣੀ ਨਾਲ ਜੁੜਨਾ ਹੀ ਸਿੱਖੀ ਦਾ ਅਸਲ ਮਕਸਦ ਹੈ | ਯੋਗਾ ਜਾਂ ਹੋਰ ਸਰੀਰਕ ਕਸਰਤਾਂ ਕਰਨ ਲਈ ਹੋਰ ਥਾਵਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਿਕਾਇਤ ਪੱਤਰ 'ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ | ਜਥੇ. ਰਿਆ ਨੇ ਸਿੱਖ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਸਚੇਤ ਹੋਣ ਅਤੇ ਅਜਿਹੀਆਂ ਗਤੀਵਿਧੀਆਂ ਦਾ ਡੱਟ ਕੇ ਵਿਰੋਧ ਕਰਨ |
ਪਿਛਲੀ ਖ਼ਬਰ ਭੱਠਾ ਮਜ਼ਦੂਰ ਆਪਣੇ ਹੱਕਾਂ ਸੰਬੰਧੀ 19 ਨੂੰ ਡੀ.ਸੀ. ਦਫ਼ਤਰ ਵਿਖੇ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦਲ ਬਦਲੀਆਂ ਦਾ ਦੌਰ ਤੇਜ਼-ਆਮ ਆਦਮੀ ਪਾਰਟੀ ਨੂੰ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।