ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਅਣਮਿੱਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਵਿਚ ਅੱਜ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ, ਉਨਾਂ ਧਰਨੇ 'ਤੇ ਬੈਠੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਵੀ ਖੜੇ ਕੀਤੇ | ਨਾਗਰਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨਿਆਂ 'ਤੇ ਬੈਠੇ ਹਨ, ਪਰ ਪੰਜਾਬ ਦੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਕੋਲ ਇਨਾਂ ਮਜ਼ਦੂਰ ਵਰਗ ਦੇ ਲੋਕਾਂ ਦੀ ਗੱਲ ਸੁਣਨ ਲਈ ਸਮਾਂ ਨਹੀਂ ਹੈ | ਉਨਾਂ ਕਿਹਾ ਕਿ ਸਰਕਾਰ ਦੇ ਆਗੂ ਆਪਣੇ ਰਾਜਨੀਤਿਕ ਕਾਰਜਾਂ ਅਤੇ ਪ੍ਰਚਾਰ ਵਿਚ ਵਿਅਸਤ ਹਨ, ਜਦਕਿ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਚੁੱਕੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨਾਂ ਦੋਸ਼ ਲਗਾਇਆ ਕਿ ਸਰਕਾਰ ਨੂੰ ਇਸ ਗੰਭੀਰ ਮਸਲੇ ਦੀ ਕੋਈ ਚਿੰਤਾ ਨਹੀਂ, ਕਿਉਂਕਿ ਉੱਚ ਅਧਿਕਾਰੀਆਂ ਅਤੇ ਆਗੂਆਂ ਦੇ ਘਰਾਂ 'ਚੋਂ ਸਰਕਾਰੀ ਪ੍ਰਬੰਧਾਂ ਰਾਹੀਂ ਕੂੜਾ ਚੁੱਕਿਆ ਜਾ ਰਿਹਾ ਹੈ, ਇਸ ਲਈ ਉਨਾਂ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਅਹਿਸਾਸ ਨਹੀਂ ਹੋ ਰਿਹਾ | ਨਾਗਰਾ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਸਮੇਂ ਸਫ਼ਾਈ ਕਰਮਚਾਰੀਆਂ ਨੂੰ ਕੰਟਰੈਕਟ ਦੇ ਆਧਾਰ 'ਤੇ ਭਰਤੀ ਕੀਤਾ ਗਿਆ ਸੀ ਅਤੇ ਉਨਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਤਿੰਨ ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਉਨਾਂ ਨੂੰ ਪੱਕਾ ਕੀਤਾ ਜਾਵੇਗਾ | ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਫ਼ਾਈ ਸੇਵਕਾਂ ਨਾਲ ਧੋਖਾ ਕੀਤਾ ਗਿਆ ਹੈ ਅਤੇ ਉਨਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਇਸ ਮੌਕੇ ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਜ਼ਿਲਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਆਨੰਦ ਮੋਹਨ, ਪਵਨ ਕਾਲੜਾ, ਜਗਜੀਤ ਕੋਕੀ, ਧਰਮਿੰਦਰ ਸਿੰਘ ਨਬੀਪੁਰ,ਅਮਰਿੰਦਰ ਸਿੰਘ ਰੇਖੀ ਅਤੇ ਰਾਜੇਸ਼ ਕੁਮਾਰ ਸ਼ੀਨੂੰ ਆਦਿ ਹਾਜ਼ਰ ਸਨ |