ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਭਾਜਪਾ ਜ਼ਿਲਾ ਫ਼ਤਹਿਗੜ ਸਾਹਿਬ ਦੀ ਅਹਿਮ ਮੀਟਿੰਗ ਜ਼ਿਲਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਭੱਟੀ ਫਾਰਮ ਸਰਹਿੰਦ ਵਿਖੇ ਹੋਈ | ਮੀਟਿੰਗ ਦੌਰਾਨ ਭਾਜਪਾ ਆਗੂਆਂ ਨੇ ਸ਼ਹਿਰ ਵਿਚ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ 'ਤੇ ਗੰਭੀਰ ਚਿੰਤਾ ਜਿਤਾਉਂਦਿਆਂ ਕਿਹਾ ਕਿ ਹੜਤਾਲ ਕਾਰਨ ਪੂਰਾ ਸ਼ਹਿਰ ਗੰਦਗੀ ਦੇ ਢੇਰਾਂ ਵਿਚ ਤਬਦੀਲ ਹੋ ਗਿਆ ਹੈ ਅਤੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ | ਉਨਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਨਾ ਸਿਰਫ਼ ਆਵਾਜਾਈ ਅਤੇ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਕਾਫ਼ੀ ਵੱਧ ਗਿਆ ਹੈ | ਭਾਜਪਾ ਆਗੂਆਂ ਨੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ | ਉਨਾਂ ਮੰਗ ਕੀਤੀ ਕਿ ਸਰਕਾਰ ਅਤੇ ਸਬੰਧਿਤ ਵਿਭਾਗ ਤੁਰੰਤ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕੱਢਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਆਗੂਆਂ ਨੇ ਮੌਜੂਦਾ ਵਿਧਾਇਕ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ | ਉਨਾਂ ਕਿਹਾ ਕਿ ਜੇਕਰ ਵਿਧਾਇਕ ਖ਼ੁਦ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿਚ ਬੈਠਦੇ ਹਨ ਤਾਂ ਫਿਰ ਲੋਕਾਂ ਦੇ ਸਵਾਲਾਂ ਦੇ ਜਵਾਬ ਕੌਣ ਦੇਵੇਗਾ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀ ਕੌਣ ਨਿਭਾਏਗਾ? ਉਨਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਧਰਨਿਆਂ ਵਿਚ ਹਮਦਰਦੀ ਜਿਤਾਉਣ ਦੀ ਬਜਾਏ ਆਪਣੀ ਜ਼ਿੰਮੇਵਾਰੀ ਸਮਝਦਿਆਂ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ | ਭਾਜਪਾ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੱਲ ਨਾ ਕੱਢਿਆ ਗਿਆ ਤਾਂ ਸ਼ਹਿਰ ਵਿਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ ਅਤੇ ਲੋਕਾਂ ਨੂੰ ਵੱਡੀਆਂ ਸਿਹਤ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਸ ਮੌਕੇ 'ਤੇ ਭਾਜਪਾ ਦੇ ਬੁਲਾਰੇ ਤਰਲੋਚਨ ਸਿੰਘ ਲਾਲੀ, ਸਰਬਜੀਤ ਸਿੰਘ ਮੱਖਣ, ਦੇਵੀ ਦਿਆਲ ਪਰਾਸ਼ਰ, ਰਸ਼ਪਿੰਦਰ ਸਿੰਘ ਢਿੱਲੋਂ, ਗਗਨ ਮੰਡੀ ਗੋਬਿੰਦਗੜ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |