24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਰੇਗਾ ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਨਰੇਗਾ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤੇ ਰੋਹ ਭਰੇ ਧਰਨੇ ਵਿਚ ਸ਼ਾਮਿਲ ਆਗੂ ਅਤੇ ਨਰੇਗਾ ਮੁਲਾਜ਼ਮ ਅਤੇ ਮੰਗਾਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰਾਂ: ਕਰਨ <br/> 26-05-2026
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲਗਪਗ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਰੋਹ ਭਰਿਆ ਪ੍ਰਦਰਸ਼ਨ ਕੀਤਾ ਗਿਆ | ਧਰਨੇ ਵਿਚ ਜ਼ਿਲੇ੍ਹ ਭਰ ਤੋਂ ਵੱਡੀ ਗਿਣਤੀ ਵਿਚ ਨਰੇਗਾ ਮੁਲਾਜ਼ਮਾਂ ਨੇ ਹਿੱਸਾ ਲਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਮੁਲਾਜ਼ਮ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰਕੇ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ 'ਤੇ ਮਰਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਰੇਗਾ ਬੰਦ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਬਿੱਲ ਪਾਸ ਕਰਨ ਵਿਰੁੱਧ ਪੰਜਾਬ ਸਰਕਾਰ ਵਲੋਂ ਬੁਲਾਏ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਨਰੇਗਾ ਮੁਲਾਜ਼ਮਾਂ ਦੇ ਵਿਰੁੱਧ ਹੀ ਬਿਆਨ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਪਾਲਿਸੀ ਵੀ ਨਰੇਗਾ ਮੁਲਾਜ਼ਮਾਂ ਦਾ ਕੁੱਝ ਸੰਵਾਰ ਨਹੀਂ ਸਕੀ | ਵਿਭਾਗ ਵਲੋਂ ਨਰੇਗਾ ਮੁਲਾਜ਼ਮਾਂ ਡਾਟਾ ਪੋਰਟਲ ਰਾਹੀਂ ਇਕੱਠਾ ਕਰਕੇ ਪ੍ਰੋਸੋਨਲ ਤੇ ਵਿੱਤ ਵਿਭਾਗ ਦੀਆਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਆਰਡਰ ਨਹੀਂ ਦਿੱਤੇ ਗਏ | ਦੂਜੇ ਪਾਸੇ ਪੰਚਾਇਤ ਸਕੱਤਰਾਂ ਅਤੇ ਵੀਡੀਓਜ਼ ਦਾ ਕੇਡਰ ਇਕੱਠਾ ਕਰਕੇ ਨਵੀਂ ਅਸਾਮੀ ਪੰਚਾਇਤ ਵਿਕਾਸ ਸਕੱਤਰ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ | ਜਿਸ ਨਾਲ ਪੰਚਾਇਤ ਸੰਮਤੀ ਦੀਆਂ ਪੰਚਾਇਤ ਸਕੱਤਰਾਂ ਅਤੇ ਵੀਡੀਓਜ਼ ਦੀਆਂ ਸਾਰੀਆਂ ਅਸਾਮੀਆਂ ਖ਼ਾਲੀ ਹੋ ਚੁੱਕੀਆਂ ਹਨ | ਦਫ਼ਤਰੀ ਕਰਮਚਾਰੀਆਂ ਦੀਆਂ ਅਸਾਮੀਆਂ ਵੀ ਖ਼ਾਲੀ ਪਈਆਂ ਹਨ | ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ 63000 ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਦਾਅਵਾ ਕਰ ਰਹੇ ਹਨ, ਦੂਜੇ ਪਾਸੇ 18 ਸਾਲਾਂ ਤੋਂ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨਾ ਤਾਂ ਦੂਰ ਪੰਜ-ਪੰਜ ਮਹੀਨੇ ਦੀ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਪਿਛਲੇ 18 ਸਾਲਾਂ ਦੌਰਾਨ ਅਨੇਕਾਂ ਕੱਚੇ ਨਰੇਗਾ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋ ਚੁੱਕੀ ਹੈ, ਅੱਜ ਤੱਕ ਕਿਸੇ ਵਾਰਿਸ ਨੂੰ ਨਾ ਤਾਂ ਨੌਕਰੀ ਦਿੱਤੀ ਗਈ ਤੇ ਨਾ ਹੀ ਕੋਈ ਮੁਆਵਜ਼ਾ ਦਿੱਤਾ ਗਿਆ | ਬਹੁਤ ਸਾਰੇ ਮੁਲਾਜ਼ਮਾਂ ਦੇ ਡਿਊਟੀ ਦੌਰਾਨ ਹੋਏ ਹਾਦਸਿਆਂ ਕਾਰਨ ਅੰਗ ਨਕਾਰਾ ਹੋ ਚੁੱਕੇ ਹਨ, ਪਰ ਅੱਜ ਤੱਕ ਕਿਸੇ ਵੀ ਮੁਲਾਜ਼ਮ ਨੂੰ ਨਾ ਤਾਂ ਇਲਾਜ ਲਈ ਕੋਈ ਪੈਸਾ ਮਿਲਿਆ ਅਤੇ ਨਾ ਹੀ ਛੁੱਟੀ ਦੌਰਾਨ ਤਨਖ਼ਾਹ ਦਿੱਤੀ ਹੈ | ਅੱਜ ਤੱਕ ਵੀ ਮੈਡੀਕਲ ਦੀ ਕੋਈ ਸਹੂਲਤ ਨਹੀਂ ਦਿੱਤੀ ਗਈ | ਅੱਜ ਧਰਨੇ ਦੌਰਾਨ ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਮੁਕੰਮਲ ਕੰਮ ਬੰਦ ਕਰਨ, ਪੱਕਾ ਧਰਨਾ ਲਗਾਉਣ, ਵਿੱਤ ਮੰਤਰੀ ਜਾਂ ਮੁੱਖ ਮੰਤਰੀ ਦਾ ਘਿਰਾਓ ਕਰਨ ਦੇ ਸੰਘਰਸ਼ ਪ੍ਰੋਗ੍ਰਾਮ ਉਲੀਕੇ ਜਾਣਗੇ | ਇਸ ਮੌਕੇ ਪ੍ਰਦਰਸ਼ਨਕਾਰੀ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ |
ਪਿਛਲੀ ਖ਼ਬਰ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਅੱਜ, ਸਮੁੱਚੇ ਪ੍ਰਬੰਧ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।