30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਏ. ਡੀ. ਜੀ. ਪੀ. ਕੌਸ਼ਤੁਭ ਸ਼ਰਮਾ ਨੇ ਥਾਣਾ ਬਡਾਲੀ ਆਲਾ ਸਿੰਘ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਏ.ਡੀ.ਜੀ.ਪੀ ਕੌਸ਼ਤੁਭ ਸ਼ਰਮਾ ਥਾਣਾ ਬਡਾਲੀ ਆਲਾ ਸਿੰਘ ਦਾ ਅਚਾਨਕ ਨਿਰੀਖਣ ਕਰਨ ਸਮੇਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ | ਤਸਵੀਰਾਂ: ਕਰਨ <br/> 04-06-2026
ਫ਼ਤਹਿਗੜ੍ਹ ਸਾਹਿਬ, 3 ਜੂਨ (ਬਲਜਿੰਦਰ ਸਿੰਘ)-ਪੰਜਾਬ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਡਾ. ਕੌਸ਼ਤੁਭ ਸ਼ਰਮਾ ਏ.ਡੀ.ਜੀ.ਪੀ (ਸੁਰੱਖਿਆ), ਪੰਜਾਬ ਪੁਲਿਸ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਥਾਣਾ ਬਡਾਲੀ ਆਲਾ ਸਿੰਘ ਦਾ ਅਚਨਚੇਤ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਡਾ. ਕੌਸ਼ਤੁਭ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਨਾਲ ਪੁਲਿਸ ਸਟੇਸ਼ਨ ਦੇ ਕੰਮਕਾਜ ਅਤੇ ਖੇਤਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ |
ਉਨ੍ਹਾਂ ਨੇ ਪੂਰੀ ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਥਾਣੇ ਅੰਦਰ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦੇ ਕੰਮਕਾਜ ਦਾ ਨਿਰੀਖਣ ਕੀਤਾ | ਉਨ੍ਹਾਂ ਇਲਾਕੇ ਵਿਚ ਪੁਲਿਸ ਦੁਆਰਾ ਸਥਾਪਤ ਵੱਖ-ਵੱਖ ਸੁਰੱਖਿਆ ਚੌਕੀਆਂ ਦਾ ਵੀ ਨਿਰੀਖਣ ਕੀਤਾ ਅਤੇ ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਡਾ. ਸ਼ਰਮਾ ਨੇ ਪੁਲਿਸ ਅਧਿਕਾਰੀਆਂ ਨੂੰ ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਗਤੀਵਿਧੀਆਂ 'ਤੇ ਨੇੜਿਉਂ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਆਮ ਲੋਕਾਂ ਦੀ ਸੁਰੱਖਿਆ ਵਿਚ ਕੋਈ ਕਮੀ ਨਾ ਰਹੇ | ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਬਡਾਲੀ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਲੋਕਾਂ ਤੋਂ ਮਿਲੀ ਫੀਡ ਬੈਕ ਦੇ ਆਧਾਰ 'ਤੇ ਇਹ ਪਤਾ ਲੱਗਦਾ ਹੈ ਕਿ ਇਲਾਕੇ ਵਿਚ ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਕਾਫ਼ੀ ਸਫਲ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਵਿਚ ਪਿੰਡ ਵਾਸੀਆਂ ਨੇ ਕਿਹਾ ਕਿ ਕੁਝ ਨਸ਼ਾ ਤਸਕਰ ਅਜੇ ਵੀ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਕੁਝ ਹੋਰ ਸਮੱਸਿਆਵਾਂ ਵੀ ਸਨ, ਜਿਨ੍ਹਾਂ 'ਚੋਂ ਕੁਝ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ | ਇਸ ਤੋਂ ਇਲਾਵਾ ਜੋ ਲੋਕ ਨਸ਼ਿਆਂ ਦੇ ਆਦੀ ਹਨ, ਉਨ੍ਹਾਂ ਦਾ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ | ਇਸ ਮੌਕੇ ਬਸੀ ਪਠਾਣਾਂ ਦੇ ਡੀ.ਐਸ.ਪੀ ਰਾਜ ਕੁਮਾਰ ਸ਼ਰਮਾ, ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਦਿਓਲ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ |
ਘੱਲੂਘਾਰਾ ਹਫ਼ਤੇ ਲਈ ਪੰਜਾਬ ਪੁਲਿਸ ਅਲਰਟ 'ਤੇ-ਏ. ਡੀ. ਜੀ. ਪੀ.
ਥਾਣਾ ਬਡਾਲੀ ਆਲਾ ਸਿੰਘ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਸੁਰੱਖਿਆ ਪ੍ਰਬੰਧਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ | ਉਨ੍ਹਾਂ ਕਿਹਾ ਕਿ ਬਡਾਲੀ ਆਲਾ ਸਿੰਘ ਦੇ ਖੇਤਰ ਵਿਚ ਜ਼ਿਲ੍ਹਾ ਪੁਲਿਸ ਵਲੋਂ ਲਗਾਏ ਨਾਕਿਆਂ 'ਤੇ ਪੁਲਿਸ ਮੁਲਾਜ਼ਮ 12-12 ਘੰਟਿਆਂ ਦੀ ਸ਼ਿਫ਼ਟ ਵਿਚ ਹਰ ਗਤੀਵਿਧੀ 'ਤੇ ਨਿਗਰਾਨੀ ਰੱਖਣ ਲਈ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਚੌਕੀ 'ਤੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦੀ ਫ਼ਤਹਿਗੜ੍ਹ ਸਾਹਿਬ ਦੇ ਕੰਟਰੋਲ ਰੂਮ ਤੋਂ ਮੋਨੀਟਿ੍ੰਗ ਕੀਤੀ ਜਾ ਰਹੀ ਹੈ | ਜਿਸ ਨਾਲ ਸ਼ੱਕੀ ਗਤੀਵਿਧੀਆਂ ਦਾ ਤੁਰੰਤ ਪਤਾ ਲਗਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਉਦੇਸ਼ ਰਾਜ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਜਨਤਾ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ, ਜਿਸ ਦੇ ਤਹਿਤ ਸਾਰੇ ਜ਼ਿਲਿ੍ਹਆਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਨਿਯਮਤ ਤੌਰ 'ਤੇ ਸਮੀਖਿਆ ਕੀਤੀ ਜਾਂਦੀ ਹੈ | ਉਨ੍ਹਾਂ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਸ਼ਰਾਰਤੀ ਅਨਸਰਾਂ ਅਤੇ ਸਮਾਜ ਵਿਰੋਧੀ ਤੱਤਾਂ 'ਤੇ ਨੇੜਿਉਂ ਨਜ਼ਰ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਪੁਲਿਸ ਜਨਤਕ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ |
ਪਿਛਲੀ ਖ਼ਬਰ ਕੌਂਸਲਰ ਸੁਖਵਿੰਦਰ ਸਿੰਘ ਨਿੱਕੂ ਨੇ ਵਾਰਡ 'ਚ ਸਫ਼ਾਈ ਮੁਹਿੰਮ ਕਰਵਾਈ ਸ਼ੁਰੂ ਅਗਲੀ ਖ਼ਬਰ ਪਿੰਡ ਮਲਕੋ ਮਾਜਰਾ ਸਰਹਿੰਦ ਨਜ਼ਦੀਕ ਹੋਏ ਹਾਦਸੇ 'ਚ, 1 ਵਿਅਕਤੀ ਦੀ ਮੌਤ ਤੇ 2 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।