ਅਮਲੋਹ, 3 ਜੂਨ (ਹਰਪ੍ਰੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਨਵਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਦੀ ਤਾਜਪੋਸ਼ੀ 5 ਜੂਨ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸਵੇਰੇ 9 ਵਜੇ ਹੋ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਰਾਜਨੀਤਿਕ, ਸਮਾਜਿਕ ਧਾਰਮਿਕ ਅਤੇ ਵਪਾਰਕ ਸੰਸਥਾਵਾਂ ਦੇ ਅਹੁਦੇਦਾਰਾਂ ਤੇ ਵੱਡੀ ਗਿਣਤੀ ਵਿਚ ਸਲਾਣਾ ਦੇ ਸ਼ੁੱਭਚਿੰਤਕਾਂ ਦੇ ਸ਼ਾਮਿਲ ਹੋਣ ਦੀ ਆਸ ਹੈ | ਅੱਜ ਇੱਥੇ ਇਸ ਸਮਾਗਮ ਸਬੰਧੀ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ਼ਿੰਗਾਰਾ ਸਿੰਘ ਸਲਾਣਾ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ, ਜਦਕਿ ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਸਮੇਤ ਕਈ ਹੋਰ ਹਲਕਿਆਂ ਦੇ ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਵਰਕਰ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ | ਸਲਾਣਾ ਨੇ ਦੱਸਿਆ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਨਾਲ ਜਾ ਕੇ ਉਨ੍ਹਾਂ ਵਲੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੰਜਾਬ ਸਰਕਾਰ ਵਲੋਂ ਦਿੱਤੀ ਇਸ ਨਵੀਂ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਸ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਇਮਾਨਦਾਰੀ, ਪਾਰਦਰਸ਼ਤਾ ਅਤੇ ਜਨਸੇਵਾ ਦੀ ਭਾਵਨਾ ਨਾਲ ਕੰਮ ਕਰਨ ਦਾ ਥਾਪੜਾ ਦਿੱਤਾ | ਸ਼ਿੰਗਾਰਾ ਸਿੰਘ ਸਲਾਣਾ ਨੇ ਦੱਸਿਆ ਕਿ 5 ਜੂਨ ਨੂੰ ਹੋ ਰਹੇ ਤਾਜਪੋਸ਼ੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਗਮ ਤੋਂ ਬਾਅਦ ਉਹ ਬਕਾਇਦਾ ਤੌਰ 'ਤੇ ਆਪਣੇ ਦਫ਼ਤਰ ਦਾ ਕਾਰਜ ਭਾਰ ਸੰਭਾਲ ਲੈਣਗੇ |