ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ ਤਰਖਾਣ ਮਾਜਰਾ ਨੇ ਬੀਤੇ ਕੱਲ੍ਹ ਪਾਰਟੀ ਵਲੋਂ ਲੰਬੇ ਸਮੇਂ ਤੋਂ ਲਟਕਦੇ ਤੇ ਭਖਦੇ ਮੁੱਦਿਆਂ ਦੇ ਹੱਲ ਲਈ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਣ ਸਬੰਧੀ ਉਲੀਕੇ ਪੋ੍ਰਗਰਾਮ ਵਿਚ ਸ਼ਾਮਿਲ ਹੋ ਕੇ ਮੰਗਾਂ ਦਾ ਸਮਰਥਕ ਕਰਨ ਬਦਲੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ | ਇਸ ਮੌਕੇ ਸੂਬਾ ਜਨਰਲ ਸਕੱਤਰ ਰਣਵੀਰ ਸਿੰਘ ਪੂਨੀਆ ਨੇ ਕਿਹਾ ਕਿ ਮੰਗ ਪੱਤਰ ਵਿਚ ਸ਼ਾਮਲ ਸਾਰੇ ਮੁੱਦੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ, ਹੱਕਾਂ ਅਤੇ ਭਵਿੱਖ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਦੇ ਹੱਲ ਲਈ ਕੇਂਦਰ ਤੇ ਰਾਜ ਸਰਕਾਰਾਂ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ | ਪੂਨੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਮੁੱਦਿਆਂ 'ਤੇ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ | ਉਨ੍ਹਾਂ ਪੰਥਕ ਮਸਲਿਆਂ ਦੇ ਹੱਲ ਲਈ ਸਮੂਹ ਪੰਥਕ ਜਥੇਬੰਦੀਆਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਥਕ ਧਿਰਾਂ ਆਪਸੀ ਮਤਭੇਦਾਂ ਅਤੇ ਨਿੱਜੀ ਸੁਆਰਥਾਂ ਨੂੰ ਪਿੱਛੇ ਛੱਡ ਕੇ ਸਾਂਝੇ ਮੁੱਦਿਆਂ ਲਈ ਇੱਕਜੁੱਟ ਨਹੀਂ ਹੁੰਦੀਆਂ, ਉਦੋਂ ਤੱਕ ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਅਹਿਮ ਮਸਲਿਆਂ ਦਾ ਹੱਲ ਸੰਭਵ ਨਹੀਂ | ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਇਨ੍ਹਾਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਇਨ੍ਹਾਂ ਦੇ ਹੱਲ ਲਈ ਸਕਾਰਾਤਮਿਕ ਪਹਿਲ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ ਤਰਖਾਣ ਮਾਜਰਾ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ, ਸਰਕਲ ਪ੍ਰਧਾਨਾਂ ਅਤੇ ਵਰਕਰਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |