ਅਮਲੋਹ, 9 ਜੂਨ (ਹਰਪ੍ਰੀਤ ਸਿੰਘ ਗਿੱਲ, ਕੇਵਲ ਸਿੰਘ, ਸ਼ੇਰਗਿੱਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੰਮੇ ਸਮੇਂ ਤੱਕ ਪੰਜਾਬ 'ਤੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਨੂੰ ਕਰਜ਼ੇ, ਭਿ੍ਸ਼ਟਾਚਾਰ ਅਤੇ ਨਸ਼ਿਆਂ ਦੀ ਦਲਦਲ ਵਿਚ ਧੱਕ ਦਿੱਤਾ, ਜਿਸ ਨਾਲ ਪੰਜਾਬ ਦੀ ਜਵਾਨੀ 'ਤੇ ਮਾਰੂ ਪ੍ਰਭਾਵ ਪਿਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਮਜਬੂਰ ਹੋਣਾ ਪਿਆ | ਭਗਵੰਤ ਮਾਨ ਅੱਜ ਇਸ ਹਲਕੇ ਦੇ ਪਿੰਡ ਸਮਸ਼ਪੁਰ ਵਿਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਰੂਬਰੂ ਹੋ ਰਹੇ ਸਨ | ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਸਤਾਏ ਪੰਜਾਬੀਆਂ ਨੇ 2022 ਵਿਚ ਆਮ ਘਰਾਂ ਦੇ ਧੀਆਂ-ਪੁੱਤਰਾਂ ਨੂੰ 92 ਸੀਟਾਂ ਦੇ ਕੇ ਸਰਕਾਰ ਬਣਾਈ ਤਾਂ ਜੋ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ | ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਲੋਕਾਂ ਨੂੰ ਮਹਿੰਗੇ ਬਿਜਲੀ ਬਿੱਲਾਂ ਤੋਂ ਰਾਹਤ ਦੇਣ ਲਈ ਕਦਮ ਚੁੱਕੇ ਗਏ | ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਅਤੇ ਇਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦਾ ਪੁਰਾਣਾ ਕਰਜ਼ਾ ਵੀ ਘਟਾਇਆ ਗਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਲਈ ਭਾਰੀ ਕਰਜ਼ਾ ਛੱਡ ਕੇ ਗਈਆਂ ਸਨ, ਜਦਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਕੰਮ ਕਰ ਰਹੀ ਹੈ | ਉਨ੍ਹਾਂ ਅਕਾਲੀ ਦਲ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਸਾਲਾਂ ਤੱਕ ਲੋਕਾਂ ਨੂੰ ਵਾਅਦਿਆਂ ਵਿਚ ਉਲਝਾ ਕੇ ਰੱਖਿਆ | ਜਦੋਂਕਿ ਉਹ ਜੋ ਵਾਅਦਾ ਕਰਦੇ ਹਨ, ਉਸ ਨੂੰ ਹਰ ਹਾਲ ਪੂਰਾ ਕਰਦੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਸਰਕਾਰੀ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਜੇ.ਈ.ਈ. ਮੇਨ, ਜੇ.ਈ.ਈ. ਐਡਵਾਂਸ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕਾਰਨ ਹੁਣ ਪਿੰਡਾਂ ਦੇ ਬੱਚੇ ਵੀ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਵਿਚ ਦਾਖ਼ਲੇ ਲੈ ਰਹੇ ਹਨ | ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀ ਲਈ ਪੂਰੇ ਅੱਠ ਘੰਟੇ ਤੇ ਉਹ ਵੀ ਦਿਨ ਵੇਲੇ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ | ਇਸ ਤੋਂ ਇਲਾਵਾ 14 ਹਜ਼ਾਰ ਤੋਂ ਵੱਧ ਨਹਿਰੀ ਪਾਣੀ ਦੇ ਨਵੇਂ ਮੋਗੇ ਲਗਾਏ ਗਏ ਹਨ, ਜਿਸ ਨਾਲ ਨਹਿਰੀ ਪਾਣੀ ਦੀ ਪਹੁੰਚ ਵਧੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਨਹਿਰੀ ਪਾਣੀ ਮਿਲਣ ਕਾਰਨ ਕਈ ਇਲਾਕਿਆਂ ਵਿਚ ਧਰਤੀ ਹੇਠਲੇ ਪਾਣੀ ਦਾ ਤਲ 2 ਤੋਂ 4 ਮੀਟਰ ਤੱਕ ਉੱਚਾ ਹੋਇਆ ਹੈ | ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ 67,037 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਇਸ ਤੋਂ ਇਲਾਵਾ 60 ਫ਼ੀਸਦੀ ਲੋਕਾਂ ਦੇ 10 ਲੱਖ ਰੁਪਏ ਤੱਕ ਦੇ ਇਲਾਜ ਲਈ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ, ਜਿਸ ਨਾਲ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਇਲਾਜ ਲਈ ਵੱਡੀ ਸਹੂਲਤ ਮਿਲੀ ਹੈ | ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਨੂੰ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰੇਗਾ, ਕਿਉਂਕਿ ਹੁਣ ਦੋਸ਼ੀਆਂ ਲਈ 50 ਲੱਖ ਰੁਪਏ ਤੱਕ ਜੁਰਮਾਨੇ ਅਤੇ ਉਮਰ ਕੈਦ ਵਰਗੀਆਂ ਸਜ਼ਾਵਾਂ ਦੀ ਵਿਵਸਥਾ ਕਰ ਦਿੱਤੀ ਗਈ ਹੈ | ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਸਮਸ਼ਪੁਰ ਦੇ ਵਿਕਾਸ ਕਾਰਜਾਂ ਲਈ ਪਹਿਲਾਂ ਦਿੱਤੇ 51 ਲੱਖ ਰੁਪਏ ਤੋਂ ਇਲਾਵਾ ਅੱਜ 51 ਲੱਖ ਰੁਪਏ ਦੀ ਗ੍ਰਾਂਟ ਦਾ ਇਕ ਹੋਰ ਚੈੱਕ ਗ੍ਰਾਮ ਪੰਚਾਇਤ ਨੂੰ ਦਿੱਤਾ | ਇਸ ਮੌਕੇ 'ਤੇ ਮੁੱਖ ਮੰਤਰੀ ਦੇ ਸਵਾਗਤੀ ਭਾਸ਼ਣ ਵਿਚ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜਿੱਥੇ ਆਪਣੇ ਕਾਰਜਕਾਲ ਦੌਰਾਨ ਹਲਕੇ 'ਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ, ਉੱਥੇ ਉਨ੍ਹਾਂ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਵੀ ਜਾਣਕਾਰੀ ਦਿੱਤੀ ਕਿ ਅੱਜ ਹੀ ਇਸ ਇਲਾਕੇ ਵਿਚ ਨਹਿਰੀ ਪਾਣੀ ਦੇ ਮੁੱਖ ਚੈਨਲ ਡਿਸਟੀਬਿਊਟਰੀ-1 ਨੂੰ ਪੱਕਾ ਕਰਨ ਲਈ ਪ੍ਰਸ਼ਾਸਨਿਕ ਮਨਜ਼ੂਰੀ ਮਿਲ ਗਈ ਹੈ ਅਤੇ ਇਸ ਲਈ 63 ਕਰੋੜ ਰੁਪਏ ਦਾ ਬਜਟ ਵੀ ਜਾਰੀ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਪ੍ਰਾਜੈਕਟ ਦਾ ਟੈਂਡਰ ਹੋ ਜਾਵੇਗਾ ਤੇ ਨਾਲ ਦੀ ਨਾਲ ਹੀ ਕੰਮ ਵੀ ਸ਼ੁਰੂ ਹੋ ਜਾਵੇਗਾ | ਅੱਜ ਇਸ ਮੌਕੇ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਦਰਸ਼ਨ ਸਿੰਘ ਚੀਮਾ, ਪ੍ਰਤਾਪ ਸਿੰਘ ਬੈਣੀ ਜਗਦੀਪ ਸਿੰਘ ਚੱਠਾ, ਸਰਬਜੀਤ ਸਿੰਘ ਭਮਾਰਸੀ, ਭੁਪਿੰਦਰ ਸਿੰਘ ਸੰਧੂ ਪ੍ਰਧਾਨ ਟ੍ਰਾਂਸਪੋਰਟ ਵਿੰਗ ਫ਼ਤਹਿਗੜ੍ਹ ਸਾਹਿਬ, ਕੌਂਸਲਰ ਰਾਹੁਲ ਸੋਫਤ, ਸੁਖਵਿੰਦਰ ਸਿੰਘ ਭਾਂਬਰੀ, ਬਿੱਕਰ ਸਿੰਘ ਗੋਗੀ, ਧਰਮ ਸਿੰਘ ਸਮਸ਼ਪੁਰ, ਅਮਨਦੀਪ ਸਿੰਘ ਸਮਸ਼ਪੁਰ, ਅਵਤਾਰ ਸਿੰਘ ਟੈਣੀ ਅਤੇ ਸਰਪੰਚ ਅਵਤਾਰ ਸਿੰਘ ਸਮਸਪੁਰ ਆਦਿ ਹਾਜ਼ਰ ਸਨ |