ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਕੇਵਲ ਬੋਰਡ ਲਗਾਉਣ ਅਤੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ, ਜਦਕਿ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਜਾ ਰਹੇ | ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਿਆ ਨੇ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਹ ਦਾਅਵੇ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਹਨ | ਅਸਲ ਹਕੀਕਤ ਇਹ ਹੈ ਕਿ ਬੇਰੁਜ਼ਗਾਰ ਨੌਜਵਾਨ ਆਪਣੀਆਂ ਮੰਗਾਂ ਨੂੰ ਲੈ ਕੇ ਰੋਜ਼ਾਨਾ ਸੜਕਾਂ 'ਤੇ ਉੱਤਰ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ | ਜਿਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ 'ਆਪ' ਸਰਕਾਰ ਵਲੋਂ ਸੱਤਾ ਸ਼ਕਤੀ ਦੀ ਦੁਰਵਰਤੋਂ ਕਰਕੇ ਪੁਲਿਸ ਰਾਹੀਂ ਤਸ਼ੱਦਦ ਢਾਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਹੈ | ਜਥੇਦਾਰ ਰਿਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਸੂਬੇ ਦੇ ਵਿਕਾਸ ਲਈ ਠੋਸ ਨੀਤੀਆਂ ਬਣਾਉਣ ਦੀ ਲੋੜ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਨਿਰਾਸ਼ਾ ਦਾ ਮਾਹੌਲ ਬਣ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ਼ਤਿਹਾਰਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਅਤੇ ਰੁਜ਼ਗਾਰ ਸਿਰਜਣ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਜੋਗਾ ਸਿੰਘ ਅਤੇ ਗੁਰਲਾਲ ਸਿੰਘ ਵੀ ਹਾਜ਼ਰ ਸਨ |