ਖਮਾਣੋਂ, 8 ਜੂਨ (ਮਨਮੋਹਣ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਸ੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਹਾਲ ਵਿਚ ਹੋਈਆਂ ਚੋਣਾਂ ਦੌਰਾਨ ਖਮਾਣੋਂ ਨਗਰ ਪੰਚਾਇਤ ਵਾਰਡ ਨੰਬਰ 3 ਤੋਂ ਜੇਤੂ ਬਲਵਿੰਦਰ ਕੌਰ ਪਤਨੀ ਤਲਵਿੰਦਰ ਸਿੰਘ ਵਾਲੀਆ ਨੇ ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ | ਇਸ ਮੌਕੇ ਵਿਧਾਇਕ ਨੇ ਬਲਵਿੰਦਰ ਕੌਰ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ 'ਆਪ' ਦੀਆਂ ਜਨ-ਹਿਤੈਸ਼ੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਇਤਿਹਾਸਕ ਫ਼ੈਸਲਿਆਂ ਕਾਰਨ ਹਰ ਵਰਗ ਦਾ ਵਿਸ਼ਵਾਸ ਪਾਰਟੀ ਵਿਚ ਮਜ਼ਬੂਤ ਹੋ ਰਿਹਾ ਹੈ | ਇਸ ਤੋਂ ਪਹਿਲਾਂ ਬਲਵਿੰਦਰ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਦਿਆਂ ਰਾਜ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤੇ ਹਨ, ਜਿਸ ਕਰਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਖੇਤਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |