ਫ਼ਤਹਿਗੜ੍ਹ ਸਾਹਿਬ, 9 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਜ਼ਿਲ੍ਹੇ ਦੀ ਰਾਜਨੀਤਿਕ ਸਥਿਤੀ, ਸੰਗਠਨਾਤਮਕ ਮਜ਼ਬੂਤੀ, ਲੋਕ ਭਲਾਈ ਦੇ ਮੁੱਦਿਆਂ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਆਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਪਿੰਡ ਪੱਧਰ ਅਤੇ ਵਾਰਡ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜ਼ਿਲ੍ਹੇ ਦੇ ਹਰ ਬਲਾਕ ਵਿਚ ਵਰਕਰ ਮਿਲਣੀਆਂ ਅਤੇ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ | ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਅੱਜ ਲੋਕ ਮਹਿੰਗਾਈ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਕਾਰਨ ਬਹੁਤ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਲੋਕਾਂ ਦੀ ਲੜਾਈ ਲੜਦੀ ਰਹੇਗੀ ਅਤੇ ਕਿਸੇ ਵੀ ਕੀਮਤ 'ਤੇ ਲੋਕਾਂ ਦੀ ਆਵਾਜ਼ ਨੂੰ ਦਬਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੀ ਕਾਂਗਰਸ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਵਰਕਰਾਂ ਨੂੰ ਆਪਸੀ ਏਕਤਾ ਬਣਾਈ ਰੱਖਣ, ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ, ਬੂਥ ਕਮੇਟੀਆਂ ਨੂੰ ਸਰਗਰਮ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ, ਵੱਖ-ਵੱਖ ਬਲਾਕਾਂ ਦੇ ਪ੍ਰਧਾਨ, ਯੂਥ ਕਾਂਗਰਸ ਦੇ ਆਗੂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਸਰਗਰਮ ਵਰਕਰ ਸ਼ਾਮਿਲ ਸਨ |