06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਬਗ਼ਾਵਤੀ ਸੁਰਾਂ ਤੇਜ਼

ਅਜੀਤ ਡੈਸਕ 11-06-2026
ਫ਼ਤਹਿਗੜ੍ਹ ਸਾਹਿਬ, 10 ਜੂਨ (ਬਲਜਿੰਦਰ ਸਿੰਘ)-ਜਿਵੇਂ-ਜਿਵੇਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਸਿਆਸੀ ਪਾਰਟੀਆਂ ਵਿਚ ਬਗ਼ਾਵਤੀ ਸੁਰਾਂ ਵੀ ਤੇਜ ਹੋ ਰਹੀਆਂ ਹਨ | ਜਿਸ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਅੰਦਰ ਬਗ਼ਾਵਤ ਸੁਰ ਤੇਜ਼ ਹੋਣ ਕਾਰਨ ਪਾਰਟੀ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ | ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੀ ਕਾਰਜਸ਼ੈਲੀ, ਲੀਡਰਸ਼ਿਪ ਦੇ ਫ਼ੈਸਲਿਆਂ ਅਤੇ ਸੰਗਠਨਾਤਮਿਕ ਢਾਂਚੇ ਨੂੰ ਲੈ ਕੇ ਉਠਾਏ ਜਾ ਰਹੇ ਸਵਾਲਾਂ ਨੇ ਪਾਰਟੀ ਅੰਦਰ ਅਸੰਤੁਸ਼ਟੀ ਦਾ ਮਾਹੌਲ ਪੈਦਾ ਕੀਤਾ ਹੈ | ਕਈ ਆਗੂ ਖੁੱਲ੍ਹੇ ਤੌਰ 'ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ, ਜਿਸ ਨਾਲ ਪਾਰਟੀ ਦੀ ਏਕਤਾ ਅਤੇ ਮਜ਼ਬੂਤੀ 'ਤੇ ਅਸਰ ਪੈ ਰਿਹਾ ਹੈ | ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਪਾਰਟੀ ਲੀਡਰਸ਼ਿਪ ਸਮੇਂ ਸਿਰ ਨਾਰਾਜ਼ ਆਗੂਆਂ ਅਤੇ ਵਰਕਰਾਂ ਨਾਲ ਸੰਵਾਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਨਹੀਂ ਕਰਦੀ ਤਾਂ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਇਸ ਦਾ ਨੁਕਸਾਨ ਹੋ ਸਕਦਾ ਹੈ | ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਜ਼ਰੂਰੀ ਹੈ ਕਿ ਟਕਸਾਲੀ ਆਗੂਆਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਯੋਗ ਮਾਣ-ਸਤਿਕਾਰ ਅਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿਚ ਬਣਦਾ ਸਥਾਨ ਦਿੱਤਾ ਜਾਵੇ | ਨਹੀਂ ਤਾਂ ਅੰਦਰੂਨੀ ਖਿੱਚੋਤਾਣ ਕਾਂਗਰਸ ਲਈ ਹੋਰ ਵੱਡੀ ਚੁਨੌਤੀ ਬਣ ਸਕਦੀ ਹੈ |
ਕਾਂਗਰਸ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਆਪਣੇ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਅਣਗੌਲਿਆ ਕਰ ਰਹੀ ਹੈ-ਬਲਿਹਾਰ ਸਿੰਘ ਚੁੰਨੀ
ਓਧਰ ਦੂਜੇ ਪਾਸੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ ਆਪਣੀ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਆਪਣੇ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਅਣਗੌਲਿਆ ਕਰ ਰਹੀ ਹੈ, ਜਿਸ ਕਾਰਨ ਪਾਰਟੀ ਦਾ ਗਰਾਫ਼ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਨੇ ਇਸ ਰੁਝਾਨ ਨੂੰ ਸਮੇਂ ਸਿਰ ਨਾ ਰੋਕਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਸਕਦਾ ਹੈ |
ਬਲਿਹਾਰ ਸਿੰਘ ਚੁੰਨੀ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਨਾਲ ਨਾਰਾਜ਼ ਹੋ ਕੇ ਘਰਾਂ ਵਿਚ ਬੈਠੇ ਟਕਸਾਲੀ ਆਗੂਆਂ ਅਤੇ ਸਮਰਪਿਤ ਵਰਕਰਾਂ ਨਾਲ ਸੰਪਰਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਮੁੜ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਤਜਰਬੇਕਾਰ ਆਗੂਆਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲ ਸਕਦੀ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਕਾਂਗਰਸ ਪਾਰਟੀ ਆਪਣੇ ਨਾਰਾਜ਼ ਆਗੂਆਂ ਅਤੇ ਵਰਕਰਾਂ ਨੂੰ ਮਨਾਉਣ ਵਿਚ ਕਾਮਯਾਬ ਰਹਿੰਦੀ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾ ਸਕਦੀ ਹੈ |
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੀ ਕਾਰਜਕਾਰਨੀ ਤੇ ਗਵਰਨਿੰਗ ਬਾਡੀ ਬਣਾਉਣ ਦੇ ਅਧਿਕਾਰ ਦਿੱਤੇ ਚੇਅਰਮੈਨ ਨੂੰ... ਅਗਲੀ ਖ਼ਬਰ ਧਰਨਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।