23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਗੰਦਾ ਪਾਣੀ ਪੀਣ ਲਈ ਮਜਬੂਰ ਮੰਡੀ ਗੋਬਿੰਦਗੜ੍ਹ ਵਾਸੀ, ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ

ਅਜੀਤ ਡੈਸਕ 13-06-2026
ਮੰਡੀ ਗੋਬਿੰਦਗੜ੍ਹ, 12 ਜੂਨ (ਰਾਜੇਸ਼ ਸ਼ਰਮਾ)-ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਨੇ ਸ਼ਹਿਰ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ | ਸ਼ਹਿਰ ਦੇ ਕਈ ਇਲਾਕਿਆਂ ਵਿਚ ਲੋਕ ਗੰਦਾ ਅਤੇ ਬਦਬੂਦਾਰ ਪਾਣੀ ਪੀਣ ਲਈ ਮਜਬੂਰ ਹਨ | ਸਥਾਨਕ ਨਿਵਾਸੀਆਂ ਦਾ ਦੋਸ਼ ਹੈ ਕਿ ਨਗਰ ਕੌਂਸਲ ਵਲੋਂ ਸਪਲਾਈ ਕੀਤੇ ਜਾ ਰਹੇ ਪੀਣ ਵਾਲੇ ਪਾਣੀ ਵਿਚ ਸੀਵਰੇਜ ਦਾ ਗੰਦਾ ਪਾਣੀ ਮਿਲ ਕੇ ਘਰਾਂ ਦੇ ਨਲਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਪਾਣੀ 'ਚੋਂ ਤਿੱਖੀ ਬਦਬੂ ਆਉਂਦੀ ਹੈ ਅਤੇ ਇਹ ਵਰਤੋਂ ਯੋਗ ਨਹੀਂ ਰਹਿੰਦਾ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕਈ ਵਾਰ ਅਚਾਨਕ ਨਲਾਂ 'ਚੋਂ ਕਾਲਾ ਅਤੇ ਗੰਦਾ ਪਾਣੀ ਆਉਣਾ ਸ਼ੁਰੂ ਹੋ ਜਾਂਦਾ ਹੈ | ਇਸ ਸਬੰਧੀ ਉਹ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ, ਪਰ ਅਜੇ ਤੱਕ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ | ਲੋਕਾਂ ਦਾ ਮੰਨਣਾ ਹੈ ਕਿ ਜੇਕਰ ਵੱਖ-ਵੱਖ ਇਲਾਕਿਆਂ ਵਿਚ ਪਾਣੀ ਦੇ ਸੈਂਪਲ ਲੈ ਕੇ ਜਾਂਚ ਕਰਵਾਈ ਜਾਵੇ ਤਾਂ ਸ਼ਾਇਦ ਹੀ ਇਹ ਪਾਣੀ ਸਿਹਤ ਮਾਪਦੰਡਾਂ 'ਤੇ ਖਰਾ ਉੱਤਰੇ |
ਭਿਆਨਕ ਬਿਮਾਰੀਆਂ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ ਸਥਾਨਕ ਨਿਵਾਸੀਆਂ ਦਾ ਕਹਿਣਾ ਸੀ ਕਿ ਦੂਸ਼ਿਤ ਪਾਣੀ ਕਾਰਨ ਡਾਇਰੀਆ, ਟਾਈਫ਼ਾਈਡ, ਪੀਲੀਆ ਅਤੇ ਹੋਰ ਪਾਣੀ ਰਾਹੀਂ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਇਸ ਗੰਭੀਰ ਮੁੱਦੇ ਪ੍ਰਤੀ ਨਾ ਤਾਂ ਨਗਰ ਕੌਂਸਲ ਵਲੋਂ ਕੋਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾ ਹੀ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਕੋਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ |
ਤੁਰੰਤ ਪਾਣੀ ਦੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇ
ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ, ਨਗਰ ਕੌਂਸਲ, ਸਿਹਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਤੋਂ ਮੰਗ ਕੀਤੀ ਹੈ ਕਿ ਤੁਰੰਤ ਪਾਣੀ ਦੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇ, ਖ਼ਰਾਬ ਪਾਈਪ ਲਾਈਨਾਂ ਨੂੰ ਬਦਲਿਆ ਜਾਵੇ ਅਤੇ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਕਿਸੇ ਵੱਡੇ ਸਿਹਤ ਸੰਕਟ ਤੋਂ ਬਚਿਆ ਜਾ ਸਕੇ |
ਪੀਣ ਵਾਲੇ ਪਾਣੀ ਦੀ ਸਮੱਸਿਆ ਸਭ ਤੋਂ ਵੱਡਾ ਮੁੱਦਾ-ਗੈਰੀ ਬੜਿੰਗ
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੀ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਸਭ ਤੋਂ ਵੱਡਾ ਅਤੇ ਅਹਿਮ ਮੁੱਦਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਦਹਾਕਿਆਂ ਪੁਰਾਣੀਆਂ ਪਾਈਪ ਲਾਈਨਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਨਵੀਂ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਹੀ ਪੀਣ ਵਾਲੇ ਪਾਣੀ ਵਰਗੇ ਜਨਹਿੱਤ ਦੇ ਮੁੱਦੇ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਉਠਾਇਆ ਜਾਵੇਗਾ ਅਤੇ ਇਸ ਦੇ ਸਥਾਈ ਹੱਲ ਲਈ ਠੋਸ ਫ਼ੈਸਲੇ ਲਏ ਜਾਣਗੇ |
ਸ਼ਹਿਰ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਰਸਾਇਣਿਕ ਤੱਤਾਂ ਵਾਲਾ ਗੰਦਾ ਪਾਣੀ ਧਰਤੀ ਹੇਠਾਂ ਛੱਡਿਆ ਜਾ ਰਿਹਾ ਹੈ
ਉੱਥੇ ਹੀ ਸ਼ਹਿਰ ਵਾਸੀਆਂ ਦਾ ਦੋਸ਼ ਹੈ ਕਿ ਕਥਿਤ ਤੌਰ 'ਤੇ ਕਈ ਉਦਯੋਗਿਕ ਇਕਾਈਆਂ ਵਲੋਂ ਰਸਾਇਣਿਕ ਤੱਤਾਂ ਵਾਲਾ ਗੰਦਾ ਪਾਣੀ ਧਰਤੀ ਹੇਠਾਂ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਭੂ-ਜਲ ਵੀ ਪ੍ਰਭਾਵਿਤ ਹੋ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਕੰਟਰੋਲ ਵਿਭਾਗ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਪਾਣੀ ਦਾ ਸੰਕਟ ਹੋਰ ਗੰਭੀਰ ਨਾ ਬਣੇ |
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ 24 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਸਾਹਮਣੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ... ਅਗਲੀ ਖ਼ਬਰ ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਿਚ ਜਲ-ਚਿਕਿਤਸਾ ਇਕਾਈ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।