ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਪੰਜਾਬ ਦੇ ਵਿਕਾਸ, ਲੋਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਅਤੇ ਸੂਬੇ ਦੇ ਅਹਿਮ ਮੁੱਦਿਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ| ਸ. ਰੱਖੜਾ ਨੇ ਕਿਹਾ ਕਿ ਸਮਾਣਾ ਦੇ ਲੋਕ ਲੰਬੇ ਸਮੇਂ ਤੋਂ ਬੁਨਿਆਦੀ ਢਾਂਚੇ ਅਤੇ ਖੇਡ ਸਹੂਲਤਾਂ ਦੇ ਵਿਸਥਾਰ ਦੀ ਉਡੀਕ ਕਰ ਰਹੇ ਹਨ, ਜਿਸ ਨੂੰ ਮਾਨ ਸਰਕਾਰ ਵਲੋਂ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜੂਨ ਨੂੰ ਸਮਾਣਾ ਵਿਖੇ ਪਹੁੰਚ ਕੇ 23 ਏਕੜ ‘ਚ ਬਣਨ ਵਾਲੇ ਅਤਿ-ਆਧੁਨਿਕ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ| ਇਹ ਪ੍ਰਾਜੈਕਟ ਸਮਾਣਾ ਦੇ ਨੌਜਵਾਨਾਂ ਲਈ ਖੇਡਾਂ ਦੇ ਖੇਤਰ ‘ਚ ਨਵੇਂ ਮੌਕੇ ਪੈਦਾ ਕਰੇਗਾ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ| ਇਸ ਮੌਕੇ ਸ. ਰੱਖੜਾ ਦੇ ਛੋਟੇ ਭਰਾ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ, ਪ੍ਰੀਤ ਗਰੁੱਪ ਆਫ਼ ਕੰਪਨੀਜ਼ ਦੇ ਐਮ.ਡੀ. ਹਰੀ ਸਿੰਘ ਤੇ ਗੁਰਪ੍ਰੀਤ ਸਿੰਘ ਵੀ ਮੌਜੂਦ ਰਹੇ|