27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੋਦੀ ਸਰਕਾਰ ਦੇ 12 ਸਾਲ ਦੇ ਕਾਰਜਕਾਲ ਵਿਚ 25 ਕਰੋੜ ਲੋਕ ਗ਼ਰੀਬੀ ਰੇਖਾ ਤੋਂ ਬਾਹਰ ਨਿਕਲੇ ਹਨ- ਸਤਨਾਮ ਸਿੰਘ ਸੰਧੂ

ਅਜੀਤ ਡੈਸਕ 17-06-2026
ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਕੇਂਦਰ ਦੀ ਸੱਤਾ ‘ਤੇ ਕਾਬਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਪੰਜਾਬ ਵਿਚ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ। ਇਸ ਗੱਲ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਤੇ ਸੀਨੀਅਰ ਭਾਜਪਾ ਆਗੂ ਸਤਨਾਮ ਸਿੰਘ ਸੰਧੂ ਨੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਭਾਜਪਾ ਦੇ ਸੀਨੀਅਰ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਜਨ ਸੰਪਰਕ ਮੁਹਿੰਮ ਤਹਿਤ ਉਨ੍ਹਾਂ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਡਿਊਟੀ ਲੱਗੀ ਹੈ। ਜਿਸ ਦੀ ਸ਼ੁਰੂਆਤ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਗਈ ਹੈ। ਸੰਧੂ ਨੇ ਦਾਅਵਾ ਕੀਤਾ ਕਿ ਦੇਸ਼ ਇਕ ਪਛੜੀ ਹੋਈ ਅਰਥ ਵਿਵਸਥਾ ਤੋਂ ਉੱਭਰ ਕੇ ਵਿਸ਼ਵ ਦੀ ਚੌਥੀ ਸਭ ਤੋਂ ਵੱਡੀ ਅਰਥ ਵਿਵਸਥਾ ਵਜੋਂ ਸਾਹਮਣੇ ਆਇਆ ਹੈ ਅਤੇ ਲਗਪਗ 25 ਕਰੋੜ ਲੋਕ ਗ਼ਰੀਬੀ ਰੇਖਾ ਤੋਂ ਬਾਹਰ ਨਿਕਲੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਰੰਤਰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦਾ ਲਾਭ ਮਿਲ ਰਿਹਾ ਹੈ ਅਤੇ ਹਰ ਸਾਲ 65 ਤੋਂ 70 ਹਜ਼ਾਰ ਕਰੋੜ ਰੁਪਏ ਸਿੱਧੇ ਤੌਰ ‘ਤੇ ਕਿਸਾਨਾਂ ਦੇ ਖਾਤਿਆਂ ਵਿਚ ਪਾਏ ਜਾਂਦੇ ਹਨ। ਪੰਜਾਬ ਦੇ ਵਿਕਾਸ ਲਈ ਕੇਂਦਰ ਸਰਕਾਰ ਵਲੋਂ ਹਜ਼ਾਰਾਂ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਨਾਲ ਸਬੰਧਿਤ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ‘ਚੋਂ ਬਹੁਤੇ ਮੁਕੰਮਲ ਹੋ ਚੁੱਕੇ ਹਨ ਜਾਂ ਅੰਤਿਮ ਪੜਾਅ ਵਿਚ ਹਨ। ਸੰਧੂ ਨੇ ਦੱਸਿਆ ਕਿ ਪੰਜਾਬ ਵਿਚ ਰੇਲਵੇ ਢਾਂਚੇ ਦੇ ਵਿਸਥਾਰ ਅਤੇ ਆਧੁਨਿਕੀਕਰਨ ਲਈ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਆਂ ਰੇਲਵੇ ਲਾਈਨਾਂ ਦੇ ਨਿਰਮਾਣ ਲਈ ਲਈ ਵਾਰ ਦੇ ਬਜਟ ਵਿਚ 5600 ਕਰੋੜ ਰੁਪਏ ਰੱਖੇ ਗਏ ਹਨ। ਜਿਸ ਨਾਲ ਪੰਜਾਬ ਵਿਚ ਰੇਲਵੇ ਬੁਨਿਆਦੀ ਢਾਂਚੇ ‘ਚ ਸੁਧਾਰ ਕੀਤਾ ਜਾਵੇਗਾ। ਇਸ ਮੌਕੇ ਜਾਗੋ ਸੰਸਥਾ ਵਲੋਂ ਸਰਹਿੰਦ ਸ਼ਹਿਰ ਲਈ ਛੋਟੀ ਐਂਬੂਲੈਂਸ ਦੀ ਮੰਗ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ‘ਤੇ ਇੰਜੀ. ਕੰਵਰਵੀਰ ਸਿੰਘ ਟੌਹੜਾ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਤਰਲੋਚਨ ਸਿੰਘ ਲਾਲੀ ਅਤੇ ਗੁਰਵਿੰਦਰ ਸਿੰਘ ਸੋਹੀ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪੰਜਾਬ ਦਾ ਵਿਕਾਸ ਹਮੇਸ਼ਾ ਅਕਾਲੀ ਸਰਕਾਰ ਸਮੇਂ ਹੋਇਆ-ਜਸਵੰਤ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।