ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਬੀਤੇ ਕੱਲ੍ਹ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿਚ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਦੇ ਬਾਹਰ ਰੋਹ ਭਰਿਆ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਮਗਰੋਂ ਪੁਲਿਸ ਨੇ ਹਰਕਤ ਵਿਚ ਆਉਂਦਿਆਂ ਚੋਰੀ ਦੇ ਮਾਮਲਿਆਂ ਦੇ ਸੰਬੰਧ ’ਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਡੀ. ਐਸ. ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਵਿਸ਼ੇਸ਼ ਪੁਲਿਸ ਪਾਰਟੀਆਂ ਦਾ ਗਠਨ ਕਰਕੇ ਚੋਰੀ ਪ੍ਰਭਾਵਿਤ ਇਲਾਕਿਆਂ ਵਿਚ ਗਸ਼ਤ ਤੇ ਨਾਕਾਬੰਦੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ। ਡੀ. ਐਸ. ਪੀ. ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਥਾਣਾ ਪੁਲਿਸ ਨੇ ਕਾਰਵਾਈ ਕਰਦਿਆਂ ਵੱਖ-ਵੱਖ ਚੋਰੀ ਦੇ ਕੇਸਾਂ ਵਿਚ ਨਾਮਜ਼ਦ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦੌਰਾਨ ਹੋਰ ਕਈ ਮਹੱਤਵਪੂਰਨ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ। ਡੀ. ਐਸ. ਪੀ ਕੁਲਬੀਰ ਸਿੰਘ ਸੰਧੂ ਨੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਫ਼ਤਹਿਗੜ੍ਹ ਸਾਹਿਬ ਪੁਲਿਸ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਮੁਸਤੈਦੀ ਨਾਲ ਨਿਭਾ ਰਹੀ ਹੈ ਅਤੇ ਚੋਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਾਂਚ ਤੇਜ਼ੀ ਨਾਲ ਜਾਰੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।