ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪ ਕੇ ਕਿਸਾਨਾਂ ਨਾਲ ਜੁੜੀਆਂ ਅਹਿਮ ਮੰਗਾਂ ਉਠਾਈਆਂ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਸੰਭਾਵਿਤ ਵਪਾਰ ਸਮਝੌਤੇ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਦਾ ਵੱਡਾ ਵਰਗ ਖੇਤੀਬਾੜੀ ਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਰਾਹੀਂ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦਾ ਹੈ। ਜੇਕਰ ਅਮਰੀਕਾ ਨਾਲ ਵਪਾਰ ਸਮਝੌਤਾ ਕੀਤਾ ਜਾਂਦਾ ਹੈ ਤਾਂ ਦੇਸ਼ ਦੇ ਛੋਟੇ ਤੇ ਦਰਮਿਆਨੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਨਾਲ ਭਾਰਤ ਦੇ ਛੋਟੇ ਕਿਸਾਨ ਤੇ ਕਾਰੋਬਾਰੀ ਮੁਕਾਬਲਾ ਨਹੀਂ ਕਰ ਸਕਣਗੇ, ਜਿਸ ਕਾਰਨ ਸਥਾਨਕ ਕਾਰੋਬਾਰ ਪ੍ਰਭਾਵਿਤ ਹੋਣਗੇ ਅਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿਚ ਪੈ ਜਾਵੇਗੀ। ਕਿਸਾਨ ਆਗੂਆਂ ਨੇ ਦਲੀਲ ਦਿੱਤੀ ਕਿ ਇਸ ਨਾਲ ਬੇਰੁਜ਼ਗਾਰੀ ਵਿਚ ਹੋਰ ਵਾਧਾ ਹੋਵੇਗਾ, ਜਦਕਿ ਦੇਸ਼ ਪਹਿਲਾਂ ਹੀ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਾਰਨ ਪਹਿਲਾਂ ਹੀ ਕਿਸਾਨ, ਮਜ਼ਦੂਰ ਅਤੇ ਛੋਟੇ ਵਪਾਰੀ ਖੁਦਕੁਸ਼ੀਆਂ ਵਰਗੇ ਦੁਖਦਾਈ ਕਦਮ ਚੁੱਕਣ ਲਈ ਮਜਬੂਰ ਹੋ ਰਹੇ ਹਨ। ਅਜਿਹੇ ਹਾਲਾਤਾਂ ਵਿਚ ਕੇਂਦਰ ਸਰਕਾਰ ਨੂੰ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਠੋਸ ਅਤੇ ਬਹੁਪੱਖੀ ਕਦਮ ਚੁੱਕਣੇ ਚਾਹੀਦੇ ਹਨ। ਭਾਰਤੀ ਕਿਸਾਨ ਯੂਨੀਅਨ ਨੇ ਆਪਣੇ ਮੰਗ ਪੱਤਰ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ ਅਤੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਦੇ ਹਿਤਾਂ ਨੂੰ ਪਹਿਲ ਦਿੱਤੀ ਜਾਵੇ। ਇਸ ਮੌਕੇ ਜਨਰਲ ਸਕੱਤਰ ਬਹਾਦਰ ਸਿੰਘ, ਬਲਾਕ ਪ੍ਰਧਾਨ ਬਸੀ ਕੁਲਵੀਰ ਸਿੰਘ, ਬਲਾਕ ਪ੍ਰਧਾਨ ਸਰਹਿੰਦ ਦਲਵੀਰ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਚੀਮਾ, ਕੁਲਵੰਤ ਸਿੰਘ ਕਲੌੜ, ਮੀਤ ਪ੍ਰਧਾਨ ਅਮਰਜੀਤ ਸਿੰਘ ਮੁੰਡੜੀਆ, ਜਸਵੀਰ ਸਿੰਘ ਰੋਪਾਲਹੇੜੀ, ਗੁਰਿੰਦਰ ਸਿੰਘ ਮਹਿਦੂਦ, ਹਰਮੀਤ ਸਿੰਘ ਸਾਨੀਪੁਰ, ਬਲਾਕ ਪ੍ਰਧਾਨ ਅਮਲੋਹ ਰਾਜਿੰਦਰ ਸਿੰਘ, ਕਸ਼ਮੀਰਾ ਸਿੰਘ ਬਿਲਾਸਪੁਰ, ਨਿਰਭੈ ਸਿੰਘ ਖੇੜਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ।