23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ’ਤੇ ਭੜਕੇ ਸਾਬਕਾ ਮੰਤਰੀ ਨਾਭਾ

ਅਜੀਤ ਡੈਸਕ 22-07-2026
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੱਸਿਆ ਸਿਰਫ਼ ਦਿਖਾਵਾ
ਮੰਡੀ ਗੋਬਿੰਦਗੜ੍ਹ, 21 ਜੁਲਾਈ (ਇਕਬਾਲਦੀਪ ਸੰਧੂ)- ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਨਸ਼ਿਆਂ ਕਾਰਨ ਹੋਈਆਂ ਨੌਜਵਾਨਾਂ ਦੀਆਂ ਮੌਤਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਨੀਤੀ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦਾ ਇਹ ਅਭਿਆਨ ਸਿਰਫ਼ ਰਸਮੀ ਕਾਰਵਾਈ ਬਣ ਕੇ ਰਹਿ ਗਿਆ ਹੈ ਅਤੇ ਜ਼ਮੀਨੀ ਪੱਧਰ ’ਤੇ ਇਸ ਦਾ ਕੋਈ ਠੋਸ ਅਸਰ ਨਜ਼ਰ ਨਹੀਂ ਆ ਰਿਹਾ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਸ਼ਹਿਰ ਵਿਚ ਪਿਛਲੇ ਦਿਨਾਂ ਦੌਰਾਨ ਪੰਜ ਤੋਂ ਛੇ ਨੌਜਵਾਨਾਂ ਦੀਆਂ ਨਸ਼ਿਆਂ ਕਾਰਨ ਹੋਈਆਂ ਮੌਤਾਂ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਨਸ਼ੇ ਦਾ ਕਾਰੋਬਾਰ ਅਜੇ ਵੀ ਬੇਰੋਕ-ਟੋਕ ਚੱਲ ਰਿਹਾ ਹੈ, ਜਦਕਿ ਸਰਕਾਰ ਅਤੇ ਪ੍ਰਸ਼ਾਸਨ ਇਸ ਮੁੱਦੇ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿਚ ਅਸਫਲ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬੇਖ਼ੌਫ਼ ਹੋ ਕੇ ਗਲੀਆਂ, ਮੁਹੱਲਿਆਂ ਅਤੇ ਚੌਰਾਹਿਆਂ ਵਿਚ ਆਪਣਾ ਧੰਦਾ ਚਲਾ ਰਹੇ ਹਨ, ਪਰ ਸਰਕਾਰੀ ਮੁਹਿੰਮਾਂ ਸਿਰਫ਼ ਕਾਗ਼ਜ਼ਾਂ ਅਤੇ ਪ੍ਰਚਾਰ ਤੱਕ ਹੀ ਸੀਮਤ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਵਲੋਂ ਕੀਤੀਆਂ ਜਾਣ ਵਾਲੀਆਂ ਛਾਪੇ ਮਾਰੀਆਂ ਵੀ ਸਿਰਫ਼ ਰਸਮੀ ਕਾਰਵਾਈ ਬਣ ਕੇ ਰਹਿ ਗਈਆਂ ਹਨ, ਕਿਉਂਕਿ ਛਾਪੇਮਾਰੀ ਤੋਂ ਪਹਿਲਾਂ ਹੀ ਨਸ਼ਾ ਤਸਕਰਾਂ ਨੂੰ ਸੂਚਨਾ ਮਿਲ ਜਾਂਦੀ ਹੈ ਅਤੇ ਕੁਝ ਸਮੇਂ ਬਾਅਦ ਉਹ ਮੁੜ ਪਹਿਲਾਂ ਵਾਂਗ ਆਪਣਾ ਗੈਰ-ਕਾਨੂੰਨੀ ਕਾਰੋਬਾਰ ਸ਼ੁਰੂ ਕਰ ਦਿੰਦੇ ਹਨ।
ਸਾਬਕਾ ਮੰਤਰੀ ਨੇ ਕਿਹਾ ਕਿ ਇਕ-ਦੋ ਦਿਨ ਦੀ ਮੁਹਿੰਮ ਚਲਾ ਕੇ ਮੀਡੀਆ ਵਿਚ ਸੁਰਖ਼ੀਆਂ ਬਟੋਰਨਾ ਅਤੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦੇਣਾ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਦਾ ਹੱਲ ਨਹੀਂ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਮੰਡੀ ਗੋਬਿੰਦਗੜ੍ਹ ਅਤੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਨਸ਼ਾ ਵਿਰੋਧੀ ਜਨ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲੇ ਤੱਤਾਂ ਖ਼ਿਲਾਫ਼ ਲੋਕਤੰਤਰੀ ਢੰਗ ਨਾਲ ਸੰਘਰਸ਼ ਵੀ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਹਰ ਵਰਗ ਨੂੰ ਇਕੱਠੇ ਹੋ ਕੇ ਨਸ਼ਿਆਂ ਖ਼ਿਲਾਫ਼ ਵੱਡੀ ਲੋਕ ਲਹਿਰ ਖੜ੍ਹੀ ਕਰਨੀ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ।
ਪਿਛਲੀ ਖ਼ਬਰ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ ਗੁਰਦੀਪ ਮੰਡੋਫਲ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੁੱਧ ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਵੱਲ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।