ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਿਭਾਉਣਗੇ, ਝੰਡਾ ਲਹਿਰਾਉਣ ਦੀ ਰਸਮ
ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਡ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਆਜ਼ਾਦੀ ਦਿਵਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
13-08-2026
ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਐਨ.ਸੀ.ਸੀ. ਕੈਡਿਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਨਾਲ ਭਰਪੂਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਿਤ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਵਿਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਮਾਗਮ ਨਾਲ ਸਬੰਧਿਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸਮਾਗਮ ਵਿਚ ਆਉਣ ਵਾਲੇ ਮਹਿਮਾਨਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੁਤੰਤਰਤਾ ਦਿਵਸ ਨੂੰ ਪੂਰੇ ਉਤਸ਼ਾਹ, ਗੌਰਵ ਅਤੇ ਸ਼ਾਨ ਨਾਲ ਮਨਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ.ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਪੀ ਹਰਵੰਤ ਕੌਰ, ਡੀ.ਆਰ.ਓ. ਕਰਮਜੋਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।