15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਮ ਲੋਕਾਂ ਨਾਲ ਬਿਹਤਰ ਤਾਲਮੇਲ ਵਧਾਉਣ ਲਈ ਪੁਲਿਸ ਪਬਲਿਕ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਤੇ ਡੀ. ਜੀ.

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਪੁਲਿਸ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਤੇ ਮੀਟਿੰਗ ਵਿਚ ਸ਼ਾਮਿਲ ਸ਼ਖ਼ਸੀਅਤਾਂ। ਤਸਵੀਰ: ਕਰਨ 15-08-2026
ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਤੇ ਡੀ. ਜੀ. ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ 1 ਮਾਰਚ 2025 ਤੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਸਰਹਿੰਦ ਵਿਖੇ ਆਮ ਲੋਕਾਂ ਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਬਿਹਤਰ ਤਾਲਮੇਲ ਵਧਾਉਣ ਲਈ ਇਕ ਵਿਸ਼ੇਸ਼ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ। ਮੀਟਿੰਗ ਵਿਚ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸ਼ਹਿਰ ਦੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਮਕਸਦ ਸਮਾਜ ਵਿਚੋਂ ਨਸ਼ੇ ਦੀ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਮ ਲੋਕਾਂ ਦੇ ਸੁਝਾਅ ਲੈਣਾ ਸੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਧਰਾਤਲ ਪੱਧਰ ’ਤੇ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ, ਇਸ ਲਈ ਆਮ ਲੋਕਾਂ ਨੂੰ ਇਸ ਮੁਹਿੰਮ ਵਿਚ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਮੀਟਿੰਗ ਦੌਰਾਨ ਇਲਾਕੇ ਵਿਚ ਚੋਰੀਆਂ ਤੇ ਟ੍ਰੈਫ਼ਿਕ ਪ੍ਰਬੰਧਾਂ ਨਾਲ ਜੁੜੀਆਂ ਜੋ ਸਮੱਸਿਆਵਾਂ ਸਾਹਮਣੇ ਆਈਆਂ ਹਨ, ਉਨ੍ਹਾਂ ਦੇ ਹੱਲ ਲਈ ਪੁਲਿਸ ਵਲੋਂ ਤੁਰੰਤ ਠੋਸ ਕਦਮ ਚੁੱਕੇ ਜਾਣ ਦਾ ਜ਼ਿਲ੍ਹਾ ਪੁਲਿਸ ਮੁਖੀ ਨੇ ਭਰੋਸਾ ਦਿੱਤਾ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਚੌਕਸੀ ਵਧਾਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿਚ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿਸ ਦੇ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਪੱਕੇ ਨਾਕੇ ਲਗਾ ਕੇ ਦਿਨ ਰਾਤ ਚੈਕਿੰਗ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਨਾਕਿਆਂ ’ਤੇ ਪੁਲਿਸ ਮੁਲਾਜ਼ਮਾਂ ਦੀਆਂ ਡਿਊਟੀਆਂ ਸ਼ਿਫ਼ਟਾਂ ਵਿਚ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਥਾਣਿਆਂ ਦੇ ਮੁਖੀ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਖ਼ੁਦ ਫ਼ੀਲਡ ਵਿਚ ਮੁਸਤੈਦ ਰਹਿ ਕੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ 112 ਹੈਲਪ ਲਾਈਨ ਜਾਂ ਸਿੱਧਾ ਪੁਲਿਸ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਸਮਾਜ ਦੇ ਭੈੜੇ ਅਨਸਰਾਂ ਨੂੰ ਕਾਬੂ ਕਰਕੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਡੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਤੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਡੀ. ਐੱਸ. ਪੀ. ਕੁਲਵੀਰ ਸਿੰਘ, ਥਾਣਾ ਮੁਖੀ ਅਸ਼ੋਕ ਕੁਮਾਰ, ਸੀਨੀਅਰ ‘ਆਪ’ ਆਗੂ ਕੁਲਵਿੰਦਰ ਸਿੰਘ ਡੇਰਾ, ਸੁਰਜੀਤ ਸਿੰਘ ਸਾਹੀ, ਦਿਲਪ੍ਰੀਤ ਸਿੰਘ ਭੱਟੀ, ਮਨਦੀਪ ਸਿੰਘ ਤਰਖਾਣ ਮਾਜਰਾ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਰਾਈਸ ਮਿਲਰਜ਼ ਨੇ ਪਿਛਲੇ ਸੀਜ਼ਨ ਦੇ ਚੌਲਾਂ ਦੀ ਅਦਾਇਗੀ ਨਾ ਹੋਣ ’ਤੇ ਪ੍ਰਗਟਾਇਆ ਗ਼ੁੱਸਾ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2026-27 ਦੀ ਆਰੰਭਤਾ ਮੌਕੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।