ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ
ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਜਿਸ ਦੌਰਾਨ ਟ੍ਰੈਫਿਕ ਪੁਲਿਸ ਵਿਭਾਗ ਵਲੋਂ ਰੋਪੜ ਬੱਸ ਅੱਡਾ ਸਰਹਿੰਦ ਨੇੜੇ ਐਸ.
ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਜਿਸ ਦੌਰਾਨ ਟ੍ਰੈਫਿਕ ਪੁਲਿਸ ਵਿਭਾਗ ਵਲੋਂ ਰੋਪੜ ਬੱਸ ਅੱਡਾ ਸਰਹਿੰਦ ਨੇੜੇ ਐਸ. ਪੀ. ਅਪਰੇਸ਼ਨ ਅਤੇ ਡੀ. ਐਸ. ਪੀ. ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕਰੀਬ 70 ਚਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੁਲਿਸ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਸ਼ੁਭਮ ਅਗਰਵਾਲ ਨੇ ਦੱਸਿਆ ਕਿ ਲੋਕਾਂ ਵਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਮੱਦੇਨਜ਼ਰ ਸਰਹਿੰਦ ਸ਼ਹਿਰ ਵਿਚ ਜਾਮ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਜਨਤਕ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਇਸ ਲਈ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਲਈ ਵਾਧੂ ਜਗ੍ਹਾ ਬਣਾਉਣ ਵਾਸਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਬਿਨਾਂ ਨੰਬਰ ਪਲੇਟਾਂ ਵਾਲੇ ਦੋ-ਪਹੀਆ ਵਾਹਨਾਂ, ਵਾਹਨਾਂ ’ਤੇ ਲਾਲ ਬੱਤੀ ਜਾਂ ਵੀ.ਆਈ.ਪੀ. ਲਾਈਟਾਂ ਦੀ ਗੈਰ-ਕਾਨੂੰਨੀ ਵਰਤੋਂ, ਕਾਲੇ ਸ਼ੀਸ਼ੇ ਅਤੇ ਵਾਹਨਾਂ ਵਿਚ ਗੈਰ-ਕਾਨੂੰਨੀ ਮੋਡੀਫਿਕੇਸ਼ਨ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਸੜਕ ਸੁਰੱਖਿਆ ਅਤੇ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਮੁੱਖ ਨੈਸ਼ਨਲ ਹਾਈਵੇ, ਚੁੰਗੀ ਨੰਬਰ-4 ਅਤੇ ਬਡਾਲੀ ਥਾਣੇ ਸਮੇਤ ਪ੍ਰਮੁੱਖ ਥਾਵਾਂ ’ਤੇ ਹਾਈਟੈੱਕ ਸੀ.ਸੀ.ਟੀ.ਵੀ. ਕੈਮਰੇ ਅਤੇ ਲੋੜੀਂਦਾ ਹਾਰਡਵੇਅਰ ਇੰਸਟਾਲ ਕੀਤਾ ਜਾ ਚੁੱਕਾ ਹੈ। ਅਗਲੇ ਪੜਾਅ ਵਿਚ ਇਨ੍ਹਾਂ ਕੈਮਰਿਆਂ ਨੂੰ ਆਰ.ਟੀ.ਓ. ਅਥਾਰਿਟੀ ਅਤੇ ਦਿੱਲੀ ਸਥਿਤ ਸੈਂਟਰਲ ਲਿੰਕ ਨਾਲ ਜੋੜਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਜਲਦ ਹੀ ਈ-ਚਲਾਨ ਸਿਸਟਮ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਪ੍ਰਣਾਲੀ ਦੇ ਲਾਗੂ ਹੋਣ ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਨਿਗਰਾਨੀ ਅਤੇ ਉਨ੍ਹਾਂ ਖ਼ਿਲਾਫ਼ ਚਲਾਨ ਦੀ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇਗਾ। ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਵਾਹਨਾਂ ਦੇ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ ਅਤੇ ਸੜਕਾਂ ’ਤੇ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਉਲੰਘਣਾ ਨਾ ਕਰਨ। ਕਿਉਂਕਿ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਵਿਚ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਡੀ.ਐਸ.ਪੀ ਕੁਲਵੀਰ ਸਿੰਘ, ਇੰਸਪੈਕਟਰ ਰੁਪਿੰਦਰ ਸਿੰਘ ਐਸ.ਐਚ.ਓ ਥਾਣਾ ਫ਼ਤਹਿਗੜ੍ਹ ਸਾਹਿਬ, ਸਬ ਇੰਸਪੈਕਟਰ ਰਾਜਵੰਤ ਸਿੰਘ, ਸਹਾਇਕ ਥਾਣੇਦਾਰ ਜਗਦੀਪ ਸਿੰਘ ਚੌਂਕੀ ਇੰਚਾਰਜ, ਸਹਾਇਕ ਥਾਣੇਦਾਰ ਵਰਿੰਦਰਜੀਤ ਸਿੰਘ ਨਾਗਰਾ ਇੰਚਾਰਜ ਟਰੈਫਿਕ ਪੁਲਿਸ ਸਮੇਤ ਹੋਰ ਮੁਲਾਜ਼ਮ ਵੀ ਹਾਜ਼ਰ ਸਨ।