ਪਾਕਿਸਤਾਨ ਤੋਂ ਆਏ 49 ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕੀਤੇ ਦਰਸ਼ਨ-ਦੀਦਾਰੇ
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਪਾਕਿਸਤਾਨ ਤੋਂ ਭਾਰਤ ਵਿਖੇ ਸਥਿਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਹੁੰਚਿਆ ਸ਼ਰਧਾਲੂਆਂ ਦਾ ਜਥਾ ਅੱਜ ਪਵਿੱਤਰ ਧਰਤੀ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਅਵਤਾਰ ਸਿੰਘ ਰਿਆ, ਮੈਂਬਰ ਰਵਿੰਦਰ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਜਥੇ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ।
ਪ
ਪਾਕਿਸਤਾਨ ਤੋਂ ਫ਼ਤਹਿਗੜ੍ਹ ਸਾਹਿਬ ਦਰਸ਼ਨ ਦੀਦਾਰੇ ਕਰਨ ਆਏ ਸ਼ਰਧਾਲੂਆਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਅਵਤਾਰ ਸਿੰਘ ਰਿਆ, ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਹੋਰ ਆਗੂ। ਤਸਵੀਰ: ਕਰਨ
26-10-2026
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਪਾਕਿਸਤਾਨ ਤੋਂ ਭਾਰਤ ਵਿਖੇ ਸਥਿਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਹੁੰਚਿਆ ਸ਼ਰਧਾਲੂਆਂ ਦਾ ਜਥਾ ਅੱਜ ਪਵਿੱਤਰ ਧਰਤੀ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਅਵਤਾਰ ਸਿੰਘ ਰਿਆ, ਮੈਂਬਰ ਰਵਿੰਦਰ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਜਥੇ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ। ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਣ ’ਤੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਸਥਿਤ ਵੱਖ-ਵੱਖ ਗੁਰਧਾਮਾਂ ਤੇ ਜਾ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਦੀ ਪਵਿੱਤਰ ਯਾਦ ਨਾਲ ਜੁੜੇ ਇਤਿਹਾਸਕ ਅਸਥਾਨ ਦੇ ਦਰਸ਼ਨ-ਦੀਦਾਰੇ ਕੀਤੇ। ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ ਵਲੋਂ ਸ਼ਰਧਾਲੂਆਂ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨਾਲ ਸਬੰਧਿਤ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ ਵਿਚ ਸ਼ਾਮਲ ਸ਼ਰਧਾਲੂ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਕਰੀਬ 49 ਸ਼ਰਧਾਲੂਆਂ ਦਾ ਜਥਾ ਭਾਰਤ ਵਿਖੇ ਵੱਖ-ਵੱਖ ਗੁਰੂ ਧਾਮਾਂ ਦੇ ਦਰਸ਼ਨ ਕਰਨ ਲਈ ਪਹੁੰਚਿਆ ਹੈ। ਇਸ ਜਥੇ ਵਿਚ ਮਰਦਾਂ ਅਤੇ ਔਰਤਾਂ ਤੋਂ ਇਲਾਵਾ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਥੇ ਵਲੋਂ ਸਭ ਤੋਂ ਪਹਿਲਾਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਦਰਸ਼ਨ ਕੀਤੇ ਗਏ। ਇਸ ਤੋਂ ਬਾਅਦ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਜਥੇ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਹੈ। ਇਸ ਤੋਂ ਬਾਅਦ ਜਥਾ ਭੱਠਾ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਜਾਵੇਗਾ। ਯਾਤਰਾ ਦੇ ਅਖੀਰ ਵਿਚ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਆਪਣੀ ਧਾਰਮਿਕ ਯਾਤਰਾ ਸੰਪੰਨ ਕੀਤੀ ਜਾਵੇਗੀ। ਭੁਪਿੰਦਰ ਸਿੰਘ ਨੇ ਭਾਰਤ ਸਰਕਾਰ ਵਲੋਂ ਯਾਤਰਾ ਦੌਰਾਨ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਜਥੇ ਨੂੰ ਹਰ ਸਥਾਨ ’ਤੇ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ। ਗੁਰਧਾਮਾਂ ਦੇ ਦਰਸ਼ਨਾਂ ਦੌਰਾਨ ਮਿਲੇ ਮਾਣ-ਸਤਿਕਾਰ ਅਤੇ ਸਹੂਲਤਾਂ ਲਈ ਉਨ੍ਹਾਂ ਦੋਵਾਂ ਕਮੇਟੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ਼ ਐਡਵਾਈਜ਼ਰ ਅਤੇ ਯਾਤਰਾ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਚੰਡੋਕ ਨੇ ਦੱਸਿਆ ਕਿ ਪਾਕਿਸਤਾਨ ਤੋਂ ਆਇਆ ਇਹ ਜਥਾ ਪਿਛਲੇ ਮਹੀਨੇ ਤੋਂ ਭਾਰਤ ਦੇ ਵੱਖ-ਵੱਖ ਇਤਿਹਾਸਕ ਗੁਰੂ ਧਾਮਾਂ ਦੇ ਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸਰਕਾਰ ਵਲੋਂ ਸਹਿਯੋਗ ਦਿੱਤਾ ਗਿਆ ਹੈ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵਲੋਂ ਵੀ ਸ਼ਰਧਾਲੂਆਂ ਦਾ ਵਿਸ਼ੇਸ਼ ਮਾਣ-ਸਤਿਕਾਰ ਕੀਤਾ ਗਿਆ ਹੈ। ਪਰਮਜੀਤ ਸਿੰਘ ਚੰਡੋਕ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਵੀਜ਼ਾ ਨੀਤੀ ਵਿਚ ਢਿੱਲ ਦਿੱਤੀ ਜਾਵੇ, ਤਾਂ ਜੋ ਦੋਵਾਂ ਦੇਸ਼ਾਂ ਵਿਚ ਰਹਿਣ ਵਾਲੀ ਸਿੱਖ ਸੰਗਤ ਬਿਨਾਂ ਬੇਲੋੜੀਆਂ ਮੁਸ਼ਕਲਾਂ ਦੇ ਆਪਣੇ ਇਤਿਹਾਸਕ ਗੁਰੂ ਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰ ਸਕੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੱਖ ਸੰਗਤ ਆਪਣੀ ਅਰਦਾਸ ਵਿਚ ਵਿੱਛੜੇ ਹੋਏ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਕਾਮਨਾ ਕਰਦੀਆਂ ਆ ਰਹੀਆਂ ਹੈ। ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਕ ਅਸਥਾਨ ਸਿੱਖ ਕੌਮ ਦੀ ਆਸਥਾ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ। ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਨਰਮ ਰਵੱਈਆ ਅਪਣਾਉਣਾ ਚਾਹੀਦਾ ਹੈ ਅਤੇ ਵੀਜ਼ਾ ਪ੍ਰਕਿਰਿਆ ਨੂੰ ਸੌਖਾ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਵਿਚ ਵੱਸਦੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਿਚ ਸਹੂਲਤ ਮਿਲੇਗੀ ਅਤੇ ਸਿੱਖਾਂ ਦੀਆਂ ਲੰਮੇ ਸਮੇਂ ਤੋਂ ਜੁੜੀਆਂ ਧਾਰਮਿਕ ਭਾਵਨਾਵਾਂ ਨੂੰ ਸਤਿਕਾਰ ਮਿਲੇਗਾ। ਇਸ ਮੌਕੇ ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਦਾ ਦਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਉ ਅਤੇ ਸਿੱਖ ਇਤਿਹਾਸ ਨਾਲ ਜੁੜਿਆ ਲਿਟਰੇਚਰ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਜੋਗਾ ਸਿੰਘ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਗਿਆਨੀ ਨਿਰਮਲ ਸਿੰਘ, ਡਾ. ਪ੍ਰਿਤਪਾਲ ਸਿੰਘ, ਇੰਦਰਜੀਤ ਸਿੰਘ ਬੇਦੀ, ਰਿਕਾਰਡ ਕੀਪਰ ਹਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਿਲ ਸਨ।