ਬਟਾਲਾ 13 ਫਰਵਰੀ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿੱਲੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਵਿਅਕਤੀ ਦਾ ਮਾਮਲਾ ਨਹੀਂ, ਸਗੋਂ ਸਮੂਹ ਬੰਦੀ ਸਿੰਘਾਂ ਨਾਲ ਹੋ ਰਹੀ ਬੇਇਨਸਾਫ਼ੀ ਦੀ ਇਕ ਹੋਰ ਮਿਸਾਲ ਹੈ | ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਸ: ਪੀਰ ਮੁਹੰਮਦ ਵਲੋਂ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕੇ ਗਏ | ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 33 ਸਾਲਾਂ ਦੀ ਲੰਬੀ ਸਜ਼ਾ ਦੇ ਬਾਵਜੂਦ ਰਿਹਾਈ ਤੋਂ ਇਨਕਾਰ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ | ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ, ਉਹ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਅਜੇ ਵੀ ਜੇਲ੍ਹਾਂ ਵਿਚ ਡੱਕ ਕੇ ਰੱਖਣਾ ਲੋਕਤੰਤਰ ਦਾ ਮਜ਼ਾਕ ਹੈ | ਉਨ੍ਹਾਂ ਨੇ ਭਾਈ ਅੰਮਿ੍ਤਪਾਲ ਸਿੰਘ ਅਤੇ ਹੋਰ ਸਾਥੀਆਂ 'ਤੇ ਲਗਾਈ ਐਨ.ਐਸ.ਏ. ਅਤੇ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਡਿਬਰੂਗੜ੍ਹਜੇਲ੍ਹਵਿਚ ਰੱਖਣ ਨੂੰ ਵੀ ਸਿਆਸੀ ਵਿਤਕਰਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਹੋਰਨਾਂ ਕੈਦੀਆਂ ਨੂੰ ਰਿਹਾਅ ਕਰ ਰਹੀ ਹੈ, ਦੂਸਰੇ ਪਾਸੇ ਸਿੱਖ ਕੈਦੀਆਂ ਦੇ ਮਾਮਲੇ ਵਿਚ ਸਜ਼ਾ ਸਮੀਖਿਆ ਬੋਰਡ ਨਕਾਰਾਤਮਕ ਭੂਮਿਕਾ ਨਿਭਾ ਰਿਹਾ ਹੈ | ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਸਿੱਖਾਂ ਦੇ ਹੱਕੀ ਮਸਲਿਆਂ 'ਤੇ ਦੋਹਰੀ ਰਾਜਨੀਤੀ ਕਰ ਰਹੀਆਂ ਹਨ | ਇਸ ਮੌਕੇ ਆਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਨੇ ਕਿਹਾ ਕਿ ਪੰਥਕ ਤਾਕਤਾਂ ਇਕੱਠੀਆਂ ਹੋਣ ਜਾਣ ਤਾਂ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਹੈ ਅਤੇ ਘੱਟ ਗਿਣਤੀਆਂ ਨਾਲ ਹੋ ਰਹੇ ਧੱਕੇ ਦੇ ਖਿਲਾਫ਼ ਮਜ਼ਬੂਤ ਆਵਾਜ਼ ਉਠਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ, ਘੱਟ ਗਿਣਤੀਆਂ ਅਤੇ ਸਿੱਖ ਕੌਮ ਦੇ ਹੱਕਾਂ ਲਈ ਵਧ ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਲਗਾਤਾਰ ਜਾਰੀ ਰੱਖੇਗੀ |