ਗੁਰਦਾਸਪੁਰ, 13 ਫਰਵਰੀ (ਗੁਰਪ੍ਰਤਾਪ ਸਿੰਘ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਗੁਰਦਾਸਪੁਰ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ 10 ਤੋਂ 13 ਫਰਵਰੀ ਤੱਕ ਚੱਲਣ ਵਾਲਾ 'ਪੰਜਾਬ ਸਖੀ ਸ਼ਕਤੀ ਮੇਲਾ-2026' ਸਫਲਤਾਪੂਰਵਕ ਸਮਾਪਤ ਹੋ ਗਿਆ | ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਅਤੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਜੋਬਨ ਰੰਧਾਵਾ ਵਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨ ਲਈ ਸਫਲ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਮਿਹਨਤ ਅਤੇ ਦਿ੍ੜ੍ਹ ਇਰਾਦੇ ਨਾਲ ਸਾਰੀਆਂ ਲਈ ਮਿਸਾਲ ਹਨ | ਵਿਧਾਇਕ ਰੰਧਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਯਤਨਾਂ ਦੀ ਸਰਾਹਨਾ ਕਰਦਿਆਂ ਦੱਸਿਆ ਕਿ ਜ਼ਿਲੇ ਵਿਚ ਕਰੀਬ 4800 ਸਵੈ ਸਹਾਇਤਾ ਗਰੁੱਪ ਕੰਮ ਕਰ ਰਹੇ ਹਨ, ਜਿਸ 'ਤੇ ਸਾਨੂੰ ਪੂਰਾ ਮਾਣ ਹੈ | ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਉੱਦਮ ਕੀਤੇ ਗਏ ਹਨ ਅਤੇ ਔਰਤਾਂ ਨੂੰ ਅੱਗੇ ਵਧਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਇਆ ਗਿਆ ਹੈ | ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਮੇਲੇ ਵਿਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ, ਆਰਗੈਨਿਕ ਉਤਪਾਦ, ਆਚਾਰ, ਮੁਰੱਬੇ ਅਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ ਆਦਿ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਏ. ਡੀ. ਸੀ. (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਪੰਜਾਬ ਸਖੀ ਸ਼ਕਤੀ ਮੇਲਾ 'ਚ ਗੁਰਦਾਸਪੁਰ ਵਾਸੀਆਂ ਵਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਖ਼ਰੀਦਦਾਰੀ ਕਰਕੇ ਔਰਤਾਂ ਦਾ ਹੌਸਲਾ ਮਜ਼ਬੂਤ ਕੀਤਾ ਹੈ | ਇਸ ਮੌਕੇ ਸਵੈ ਸਹਾਇਤਾ ਗਰੁੱਪ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਦੋਂ ਕਿ ਸੂਫ਼ੀ ਗਾਇਕ ਸੁਭਾਸ਼ ਸੂਫ਼ੀ, ਸਰਕਾਰੀ ਕਾਲਜ ਗੁਰਦਾਸਪੁਰ ਅਤੇ ਐੱਸ.ਐੱਸ.ਐਮ ਕਾਲਜ ਦੀਨਾਨਗਰ ਦੇ ਵਿਦਿਆਰਥੀ ਵਲੋਂ ਖ਼ੂਬਸੂਰਤ ਪੇਸ਼ਕਾਰੀ ਦਿੱਤੀ ਗਈ | ਇਸ ਮੌਕੇ ਪ੍ਰੋ: ਰਾਜ ਕੁਮਾਰ ਸ਼ਰਮਾ, ਐੱਸ. ਡੀ. ਓ. ਕੰਵਰਜੀਤ ਰੱਤੜਾ, ਕਰਨਬੀਰ ਸਿੰਘ ਫੰਕਸ਼ਨਲ ਮੈਨੇਜਰ, ਅਮਰਪਾਲ ਸਿੰਘ ਇੰਚਾਰਜ ਸੈੱਲਫ਼ ਹੈਲਪ ਗਰੁੱਪ, ਪ੍ਰੋ: ਪ੍ਰਬੋਧ ਗਰੋਵਰ, ਦਮਨਜੀਤ ਸਿੰਘ, ਵਰਿੰਦਰ ਸਿੰਘ, ਸ਼ਿਵ ਕੁਮਾਰ ਤੇ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |