ਗੁਰਦਾਸਪੁਰ, 14 ਫਰਵਰੀ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾ 'ਚ ਲੋਕ ਹਿਤ 'ਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ | ਇਹ ਪ੍ਰਗਟਾਵਾ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਪਿੰਡ ਸਰਾਵਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ | ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਮੁੜ ਤੋਂ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਸਰਾਵਾਂ ਵਿਖੇ ਸੜਕ, ਲਾਕਿੰਗ ਟਾਈਲ ਤੇ ਪਿੰਡ ਵਾਸੀਆਂ ਦੀ ਮੰਗ 'ਤੇ ਧਰਮਸ਼ਾਲਾ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ 'ਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ 'ਚ ਹਾਜ਼ਰ ਹਨ | ਰਮਨ ਬਹਿਲ ਨੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲੋਕ-ਹਿਤ ਵਿਚ ਵੱਖ ਵੱਖ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ ਤੇ ਲੋਕਾਂ ਦੀਆਂ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿਚ ਪੰਜਾਬ ਦੇ ਹਰ ਨਾਗਰਿਕ ਨੂੰ ਲੋੜ ਪੈਣ 'ਤੇ ਬਿਮਾਰੀ ਦੇ ਇਲਾਜ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਸਹੂਲਤ ਮੁਹੱਈਆ ਕਰਵਾਈ ਗਈ ਹੈ | ਇਸ ਮੌਕੇ ਸਰਪੰਚ ਮਲਕੀਤ ਸਿੰਘ, ਸਰਪੰਚ ਮਨਦੀਪ ਸਿੰਘ ਚੱਗੂਵਾਲ, ਰਾਕੇਸ਼ ਸ਼ਰਮਾ, ਹੈਪੀ ਲੋਂਗੀਆ, ਸਾਬਕਾ ਸਰਪੰਚ ਸਤਨਾਮ ਸਿੰਘ ਸਰਾਵਾਂ, ਨਿਸ਼ਾਨ ਸਿੰਘ ਤੇ ਪੰਚਾਇਤ ਸਕੱਤਰ ਅਭਿਸ਼ੇਕ ਸ਼ਰਮਾ ਹਾਜ਼ਰ ਸਨ |