ਬਟਾਲਾ, 17 ਫਰਵਰੀ (ਸਤਿੰਦਰ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਪਿ੍ੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਨਰਸਰੀ ਦਾ ਸਿੱਖਿਆਤਮਕ ਦੌਰਾ ਕਰਵਾਇਆ ਗਿਆ | ਇਹ ਪ੍ਰੋਗਰਾਮ ਸਟੇਟ ਕੌਂਸਲ ਆਫ ਸਾਇੰਸ ਐਂਡ ਟੈਕਨੋਲੋਜੀ ਦੇ ਸਹਿਯੋਗ ਨਾਲ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਵਾਤਾਵਰਨ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਕਰਵਾਇਆ ਗਿਆ | ਇਸ ਮੌਕੇ ਬਾਇਓਲੋਜੀ ਵਿਭਾਗ ਦੀ ਮੁਖੀ ਪ੍ਰੋ. ਨਵਤੇਜ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਸੀਂ ਵਾਤਾਵਰਨ ਦੀ ਸੰਭਾਲ ਕਿਵੇਂ ਕਰ ਸਕਦੇ ਹਾਂ | ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੇ ਬੂਟਿਆਂ, ਉਨ੍ਹਾਂ ਦੀ ਸੰਭਾਲ ਤੇ ਵਾਤਾਵਰਨ ਵਿਚ ਬੂਟਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ | ਨਰਸਰੀ ਦੇ ਵਿਸ਼ੇਸ਼ਗਿਆਨਾਂ ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ, ਦੇਸੀ ਖਾਦ ਤਿਆਰ ਕਰਨ ਤੇ ਬੂਟਿਆਂ ਦੀ ਸਹੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ | ਈਕੋ ਕਲੱਬ ਦੀ ਕੋਆਰਡੀਨੇਟਰ ਪ੍ਰੋ. ਗੁਰਸ਼ਰਨ ਕੌਰ ਨੇ ਕਿਹਾ ਕਿ ਅਜਿਹੇ ਸਿੱਖਿਆਤਮਕ ਦੌਰੇ ਵਿਦਿਆਰਥੀਆਂ 'ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ ਤੇ ਉਨ੍ਹਾਂ ਨੂੰ ਪ੍ਰਕਿ੍ਤੀ ਨਾਲ ਜੋੜਦੇ ਹਨ | ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਹੀ ਪ੍ਰੇਰਣਾਦਾਇਕ ਤੇ ਸਿੱਖਣਯੋਗ ਸਾਬਤ ਹੋਇਆ |