ਘੁਮਾਣ, 17 ਫਰਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਤੇ ਜ਼ਿਲ੍ਹਾ ਗੁਰਦਾਸਪੁਰ ਐਸ.ਸੀ. ਵਿੰਗ ਦੇ ਚੇਅਰਮੈਨ ਮਨਦੀਪ ਸਿੰਘ ਰੰਗੜ ਨੰਗਲ ਹਲਕੇ ਦੇ ਐਸ.ਸੀ., ਓ.ਬੀ.ਸੀ. ਤੇ ਬੀ.ਸੀ. ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲੇ | ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਐਸ.ਸੀ. ਸੈੱਲ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਵੈਦ ਅਤੇ ਓ.ਬੀ.ਸੀ., ਬੀ.ਸੀ. ਦੇ ਪ੍ਰਧਾਨ ਰਾਜ ਬਖਸੀ ਕੰਬੋਜ ਵੀ ਮੌਜੂਦ ਸਨ | ਇਸ ਮੌਕੇ ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਮੇਸ਼ਾ ਹੀ ਵੱਖ-ਵੱਖ ਵਰਗਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਰਹੀ, ਉਸ ਵੇਲੇ ਐਸ.ਸੀ. ਓ.ਬੀ.ਸੀ ਤੇ ਬੀ.ਸੀ. ਵਰਗ ਨੂੰ ਵੱਡਾ ਮਾਣ-ਸਤਿਕਾਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਇਨ੍ਹਾਂ ਵਰਗਾਂ ਦੀਆਂ ਕਾਫੀ ਸਮੱਸਿਆਵਾਂ ਹਨ, ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੱਲ ਨਹੀਂ ਕੀਤੀਆਂ | ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਰਣਨੀਤੀ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ਵਾਸ ਦਵਾਇਆ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ 'ਤੇ ਪਹਿਲ ਦੇ ਆਧਾਰ 'ਤੇ ਇਨ੍ਹਾਂ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਮਨਜੀਤ ਸਿੰਘ ਚੀਮਾ ਕੋਆਰਡੀਨੇਟਰ, ਜਤਿੰਦਰ ਸਿੰਘ ਚੀਮਾ, ਬਲਾਕ ਸੰਮਤੀ ਮੈਂਬਰ ਦਿਲਬਾਗ ਸਿੰਘ ਲਾਲੀ, ਸਾਬਕਾ ਸਰਪੰਚ ਪਰਮਿੰਦਰ ਸਿੰਘ ਦੜੇਵਾਲੀ, ਸਾਬਕਾ ਸਰਪੰਚ ਪਲਵਿੰਦਰ ਸਿੰਘ ਪੇਜੋਚੱਕ, ਬਲਾਕ ਸੰਮਤੀ ਮੈਂਬਰ ਜਸਪਾਲ ਸਿੰਘ ਨੂਰਪੁਰ, ਕਸ਼ਮੀਰ ਸਿੰਘ ਸੁਕਾਲਾ ਆਦਿ ਹਾਜ਼ਰ ਸਨ |