ਘਰੋਟਾ, 27 ਫਰਵਰੀ (ਸੰਜੀਵ ਗੁਪਤਾ)-ਇਕ ਵਡੇ ਫ਼ੈਸਲੇ 'ਚ ਅਦਾਲਤ ਨੇ ਦਿੱਲੀ ਦੀ ਬਹੁਤ ਵਿਵਾਦਪੂਰਨ ਆਬਕਾਰੀ ਨੀਤੀ ਨਾਲ ਸਬੰਧਿਤ ਇਕ ਮਾਮਲੇ 'ਚ 23 ਦੋਸ਼ੀਆਂ ਨੂੰ ਬਰੀ ਕਰ ਦਿੱਤਾ | ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਸੂਚੀ ਵਿਚ ਸ਼ਾਮਿਲ ਹਨ | ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਰਾਜਨੀਤਿਕ ਹਲਕਿਆਂ ਵਿਚ ਇਕ ਨਵੀਂ ਬਹਿਸ ਛੇੜ ਦਿੱਤੀ ਹੈ ਅਤੇ ਇਸ ਨੂੰ ਦਿੱਲੀ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਮੰਨਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਫ਼ੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਲੋਕਤੰਤਰ ਵਿਚ ਅਦਾਲਤ ਦਾ ਆਖ਼ਰੀ ਫ਼ੈਸਲਾ ਹੁੰਦਾ ਹੈ ਤੇ ਲੋਕਾਂ ਦਾ ਨਿਆਂ ਪ੍ਰਣਾਲੀ ਵਿਚ ਵਿਸ਼ਵਾਸ ਅਟੱਲ ਹੁੰਦਾ ਹੈ | ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਨਿਆਂਇਕ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ | ਇਸ ਮੌਕੇ ਭੋਆ ਹਲਕੇ ਦੇ ਖੇਤਰੀ ਸੰਗਠਨ ਇੰਚਾਰਜ ਤੇ ਬਲਾਕ ਕਮੇਟੀ ਮੈਂਬਰ ਪਵਨ ਕੁਮਾਰ ਫ਼ੌਜੀ ਨੇ ਅਦਾਲਤ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਫ਼ੈਸਲਾ ਸਾਡੇ ਲੋਕਤੰਤਰੀ ਢਾਂਚੇ ਦੀ ਮਜ਼ਬੂਤੀ ਦਾ ਪ੍ਰਮਾਣ ਹੈ |