ਗੁਰਦਾਸਪੁਰ, 28 ਫਰਵਰੀ (ਚੱਕਰਾਜਾ)-ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਪਿੰਡ ਆਦੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਰਣਜੀਤ ਸਿੰਘ ਦੇ ਝੂਠੇ ਮੁਕਾਬਲੇ ਦੀ ਕਹਾਣੀ ਸਰਕਾਰੀ ਅੱਤਵਾਦ ਦਾ ਸਿਖਰ ਹੈ ਜੋ ਪੰਜਾਬ ਦੇ ਇਨਸਾਫ਼ ਪਸੰਦ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ | ਇਸ ਮੌਕੇ ਕਮੇਟੀ ਆਗੂ ਪ੍ਰੋਫੈਸਰ ਬਲਜਿੰਦਰ, ਬਾਪੂ ਗੁਰਚਰਨ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਰਣਜੀਤ ਸਿੰਘ ਨੂੰ ਉਸ ਦੇ ਘਰੋਂ ਚੁੱਕ ਕੇ ਲਿਜਾਉਣ ਦੇ ਬਾਅਦ ਝੂਠੇ ਮੁਕਾਬਲੇ 'ਚ ਕਤਲ ਕਰਨ ਨਾਲ ਸੂਬੇ ਦੇ ਨੌਜਵਾਨਾਂ 'ਚ ਮਾਨ ਸਰਕਾਰ ਦੀ ਪੁਲਿਸ ਦੀ ਧੱਕੇਸ਼ਾਹੀ ਪ੍ਰਤੀ ਸਹਿਮ ਤੇ ਬੇਵਿਸ਼ਵਾਸੀ ਪੈਦਾ ਹੋ ਗਈ, ਜਿਸ ਦੇ ਪੰਜਾਬ ਦੇ ਭਵਿੱਖ 'ਤੇ ਦੂਰਗਾਮੀ ਅਸਰ ਪੈਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਆਪਣੇ ਵਿਰੁੱਧ ਸਬੂਤਾਂ ਨੂੰ ਮਿਟਾਉਣ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਤੇ ਘਰਾਂ ਦੇ ਕੈਮਰਿਆਂ ਦੇ ਡੀ.ਵੀ.ਆਰ ਲਾਹ ਕੇ ਲੈ ਜਾਣਾ, ਕਤਲ 'ਚ ਪੁਲਿਸ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਹੈ | ਹਵਾਰਾ ਕਮੇਟੀ ਨੇ ਰਣਜੀਤ ਸਿੰਘ ਦੇ ਪਰਿਵਾਰ ਤੇ ਇਲਾਕਾ ਨਿਵਾਸੀਆਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਪਿਛਲੇ ਦੋ ਸਾਲਾ ਤੋਂ ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਸਮਾਜਿਕ ਜਥੇਬੰਦੀਆਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਤਾਂ ਕਰਦੀਆਂ ਆ ਰਹੀਆਂ ਹਨ | ਪਰ ਸਾਰਥਕ ਨਤੀਜੇ ਨਹੀਂ ਨਿਕਲੇ | ਉਨ੍ਹਾਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੂੰ ਅਪੀਲ ਕੀਤੀ ਕਿ ਇਸ ਝੂਠੇ ਪੁਲਿਸ ਮੁਕਾਬਲੇ ਦੀ ਨਿਰਪੱਖ ਜਾਂਚ ਕਰਕੇ ਰਿਪੋਰਟ ਲੋਕਾਂ ਸਾਹਮਣੇ ਲਿਆਂਦੀ ਜਾਵੇ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ | ਇਸ ਮੌਕੇ ਡਾ: ਸੁਖਦੇਵ ਸਿੰਘ ਬਾਬਾ, ਭੁਪਿੰਦਰ ਸਿੰਘ ਭਲਵਾਨ, ਐਡਵੋਕੇਟ ਜਸਬੀਰ ਸਿੰਘ ਜੰਮੂ ਤੇ ਬਲਵਿੰਦਰ ਸਿੰਘ ਸਾਘਣਾ ਆਦਿ ਹਾਜ਼ਰ ਸਨ |