ਡੇਰਾ ਬਾਬਾ ਨਾਨਕ, 28 ਫਰਵਰੀ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਸੰਬੰਧਿਤ ਵਿਭਾਗ ਰਾਹੀਂ ਹੱਲ ਕਰਵਾਈਆਂ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਅਤੇ ਪਿਛਲੇ 4 ਸਾਲਾਂ ਦੌਰਾਨ ਸਮੁੱਚੇ ਹਲਕੇ ਵਿਚ ਲੋਕ ਹਿੱਤ 'ਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਸਮੇਤ ਜ਼ਿਲ੍ਹੇ ਗੁਰਦਾਸਪੁਰ ਵਿਚ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾਉਣ ਲਈ ਰਜਿਸ਼ਟਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਹਨ ਤਾਂ ਜੋ ਲੋਕ ਆਪਣਾ ਹੈਲਥ ਕਾਰਡ ਬਣਾ ਸਕਣ ਅਤੇ ਲੋੜ ਪੈਣ 'ਤੇ ਉਸ ਦੀ ਵਰਤੋਂ ਕਰ ਸਕਣ | ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿਚ ਫ਼ੈਸਲਾਕੁੰਨ ਬਦਲਾਅ ਹੈ |