ਧਾਰੀਵਾਲ, 28 ਫਰਵਰੀ (ਸਵਰਨ ਸਿੰਘ)-ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੂੰ ਕਲਾਨੌਰ ਦੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਵਾਇਆ ਗਿਆ | ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਤੋਂ ਹੋਏ ਆਦੇਸ਼ ਅਨੁਸਾਰ ਵਿਦਿਆਰਥੀਆਂ ਨੂੰ ਸਥਾਨਕ ਇਤਿਹਾਸ ਅਤੇ ਵਿਰਾਸਤ ਬਾਰੇ ਜਾਣਕਾਰੀ ਪ੍ਰਦਾਨ ਕਰਨ ਹਿੱਤ ਇਹ ਵਿੱਦਿਅਕ ਦੌਰਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਤਖਤ-ਏ-ਅਕਬਰੀ ਦਾ ਦੌਰਾ ਕੀਤਾ ਗਿਆ, ਜਿੱਥੇ 1556 ਈ: ਵਿਚ ਅਕਬਰ ਦੀ ਤਾਜਪੋਸ਼ੀ ਕੀਤੀ ਗਈ ਸੀ | ਕਾਲਜ ਦੇ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਇਤਿਹਾਸਕ ਸਥਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸਿਲੇਬਸ ਅਨੁਸਾਰ ਮੁਗਲ ਕਾਲ ਨਾਲ ਸਬੰਧਤ ਮਹੱਤਵਪੂਰਨ ਤੱਥਾਂ ਤੋਂ ਜਾਣੂ ਕਰਵਾਇਆ | ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕਲਾਨੌਰ ਦੇ ਦਰਸ਼ਨ ਕਰਵਾਏ ਅਤੇ ਇਥੋਂ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਗਿਆਨ ਅਤੇ ਅਜਿਹੀਆਂ ਯਾਤਰਾਵਾਂ ਨਾਲ ਵਿਦਿਆਰਥੀਆਂ ਦੀ ਇਤਿਹਾਸ ਪ੍ਰਤੀ ਰੁਚੀ ਵਧਦੀ ਹੈ |