ਗੁਰਦਾਸਪੁਰ, 30 ਮਾਰਚ (ਗੁਰਪ੍ਰਤਾਪ ਸਿੰਘ)- ਅੱਜ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵਾਰਡ ਨੰਬਰ-21 ਪਿੰਡ ਨਬੀਪੁਰ ਕਾਲੋਨੀ ਵਿਚ ਗਲੀਆਂ, ਸੀਵਰੇਜ ਤੇ ਪਾਣੀ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ | ਉਨ੍ਹਾਂ ਵਲੋਂ ਗੁਰੂ ਨਾਭਾ ਦਾਸ ਮੰਦਿਰ ਦੀ ਚਾਰਦੀਵਾਰੀ ਦਾ ਉਦਘਾਟਨ ਵੀ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਮੌਜੂਦ ਸਨ | ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਕਾਲੋਨੀ ਦੇ ਹਾਲਾਤ ਬਹੁਤ ਮਾੜੇ ਸਨ | ਵਸਨੀਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਉਸ ਸਮੇਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਸਨ | ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਹੁਣ ਸੱਤਾ ਵਿਚ ਨਹੀਂ ਹੈ ਪਰ ਉਨ੍ਹਾਂ ਵਲੋਂ ਹੁਣ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਉਨ੍ਹਾਂ ਕਿਹਾ ਕਿ ਉਹ ਉਦਘਾਟਨ 'ਚ ਨਹੀਂ, ਪੂਰਤੀ ਵਿਚ ਵਿਸ਼ਵਾਸ ਰੱਖਦੇ ਹਨ | ਉਨ੍ਹਾਂ ਦੇ ਕੰਮ ਨੂੰ ਦੇਖ ਕੇ ਲੋਕਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਆਏ ਲਗਪਗ ਚਾਰ ਸਾਲ ਬੀਤ ਚੁੱਕੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਇਹ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ ਹੈ | ਹਰ ਵਰਗ ਦੇ ਲੋਕ ਇਸ ਸਰਕਾਰ ਤੋਂ ਨਾਖ਼ੁਸ਼ ਹਨ | ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਇਸ ਕਾਲੋਨੀ ਵਿਚ ਪਾਣੀ ਦੀ ਸਪਲਾਈ ਇਕ ਵੱਡੀ ਸਮੱਸਿਆ ਸੀ | ਇਸ ਸਮੱਸਿਆ ਦੇ ਹੱਲ ਲਈ ਪਾਣੀ ਦੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਹਨ ਤੇ ਕਾਲੋਨੀ ਵਿਚ ਇਕ ਨਵੀਂ ਟੈਂਕੀ ਵੀ ਬਣਾਈ ਜਾ ਰਹੀ ਹੈ | ਸੀਵਰੇਜ ਦੀ ਸਮੱਸਿਆ ਦਾ ਵੀ ਹੱਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਤੋਂ ਬਾਅਦ ਉਸ ਸਮੇਂ ਸ਼ੁਰੂ ਕੀਤਾ ਗਿਆ ਕੰਮ ਅਧੂਰਾ ਰਹਿ ਗਿਆ ਸੀ ਜਿਸ ਨੂੰ ਨਗਰ ਕੌਂਸਲ ਪੂਰਾ ਕਰ ਰਹੀ ਹੈ |