ਬਟਾਲਾ, 29 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ-18 ਵਿਖੇ ਲੋਕਾਂ ਦੀ ਮੌਜ਼ੂਦਗੀ ਵਿਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬਟਾਲਾ ਸ਼ਹਿਰ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ | ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ | ਸ਼ਹਿਰ ਵਿਚ ਲਾਇਬ੍ਰੇਰੀ ਦੀ ਇਮਾਰਤ ਜਿਸ ਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀਂ ਇਮਾਰਤ ਉਸਾਰੀ ਗਈ ਹੈ | ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ | ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕਰ ਦਿੱਤਾ ਗਿਆ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਦਿਨ ਰਾਤ ਬਟਾਲਾ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਹਨ ਤੇ ਸ਼ਹਿਰ ਵਿੱਚ ਲੋਕ ਹਿੱਤ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ |