ਕਾਦੀਆਂ, 10 ਮਈ (ਕੁਲਵਿੰਦਰ ਸਿੰਘ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਦੀਆਂ ਨਗਰ ਕੌਂਸਲਾਂ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 6 ਮਈ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ | ਉਧਰ ਦੂਸਰੇ ਪਾਸੇ ਕਸਬਾ ਕਾਦੀਆਂ ਦੇ ਕਈ ਮੁਹੱਲਿਆਂ, ਗਲੀਆਂ ਅੰਦਰ ਤੇ ਮੁੱਖ ਸੜਕਾਂ ਦੇ ਕਿਨਾਰਿਆਂ 'ਤੇ ਕੂੜੇ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ | ਗਰਮੀ ਦਾ ਮੌਸਮ ਹੋਣ ਕਾਰਨ ਕੂੜੇ ਦੇ ਢੇਰਾਂ ਤੋਂ ਬਦਬੂ ਆਉਣੀ ਸ਼ੁਰੂ ਹੋ ਗਈ ਹੈ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਹਿਮਤ ਮਸੀਹ ਦੀ ਅਗਵਾਈ ਹੇਠ ਸਮੂਹ ਸਫ਼ਾਈ ਸੇਵਕ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਹਨ | ਸ਼ਹਿਰ ਵਾਸੀਆਂ ਦਾ ਕੂੜੇ-ਕਰਕਟ ਨੂੰ ਲੈ ਕੇ ਰੋਸ ਜਾਹਿਰ ਹੋਣਾ ਸ਼ੁਰੂ ਹੋ ਗਿਆ ਹੈ | ਲੋਕਾਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਮੰਨੇ ਅਤੇ ਹੜਤਾਲ ਖ਼ਤਮ ਕਰਵਾਈ ਜਾਵੇ |