ਗੁਰਦਾਸਪੁਰ, 11 ਮਈ (ਗੁਰਪ੍ਰਤਾਪ ਸਿੰਘ)-ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਵੱਡਾ ਦਾਅਵਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ 29 ਦੀਆਂ 29 ਵਾਰਡਾਂ 'ਚ ਕਾਂਗਰਸੀ ਉਮੀਦਵਾਰ ਪੂਰੀ ਤਾਕਤ ਨਾਲ ਉੱਤਰਨਗੇ ਤੇ ਸ਼ਾਨਦਾਰ ਜਿੱਤ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਜਿੰਨਾ ਵਿਕਾਸ ਕਾਰਜ ਕਾਂਗਰਸ ਪਾਰਟੀ ਵਲੋਂ ਪਿਛਲੇ ਸਮੇਂ ਦੌਰਾਨ ਕਰਾਇਆ ਗਿਆ ਹੈ, ਓਨਾ ਵਿਕਾਸ ਹੁਣ ਤੱਕ ਕਿਸੇ ਵੀ ਪਾਰਟੀ ਵਲੋਂ ਨਹੀਂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰਾਂ ਵਲੋਂ ਆਪਣੇ ਆਪਣੇ ਇਲਾਕੇ 'ਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਗਈ ਹੈ | ਜਿਸ ਕਾਰਨ ਲੋਕ ਕਾਂਗਰਸ ਦੇ ਕੰਮਾਂ ਤੋਂ ਖ਼ੁਸ਼ ਹਨ ਤੇ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰਾਂ 'ਤੇ ਪੂਰਨ ਭਰੋਸਾ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਵਾਸੀ ਕਾਂਗਰਸ ਦੇ ਹੱਕ 'ਚ ਆਪਣਾ ਪੂਰਨ ਸਮਰਥਨ ਦੇਣਗੇ | ਉਨ੍ਹਾਂ ਵਿਸ਼ਵਾਸ ਦਿੱਤਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ |