ਗੁਰਦਾਸਪੁਰ, 15 ਮਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕਰਨ ਲਈ 17 ਮਈ ਨੰੂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈੱਨਸ਼ਨ ਕੀਤੀ ਜਾ ਰਹੀ ਹੈ | ਜਿਸ 'ਚ ਪੰਜਾਬ ਭਰ ਤੋਂ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਇਸ ਸਬੰਧੀ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦੇ ਆਗੂ ਕਾਮਰੇਡ ਬਲਵਿੰਦਰ ਉਦੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਨੰੂ ਹੱਲ ਕਰਨ 'ਚ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਵਾਅਦੇ ਤੋਂ ਸਰਕਾਰ ਮੁੱਕਰ ਗਈ ਹੈ ਤੇ ਪੰਜ ਦਹਾਕਿਆਂ ਤੋਂ ਕੇਂਦਰੀ ਪੈਟਰਨ 'ਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੰੂ ਮਿਲਦਾ ਮਹਿੰਗਾਈ ਭੱਤਾ ਬੰਦ ਕਰਕੇ ਸਰਕਾਰ ਨੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਹੋਰ ਤੇ ਹੋਰ ਅਦਾਲਤਾਂ ਵਲੋਂ ਦਿੱਤੇ ਫੈਸਲੇ ਲਾਗੂ ਕਰਨ ਦੀ ਬਜਾਏ ਸਰਕਾਰ ਅਦਾਲਤਾਂ 'ਚ ਚੁਨੌਤੀਆਂ ਦੇ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ, ਜਿਸ ਦਾ ਖ਼ਮਿਆਜ਼ਾ ਸਰਕਾਰ ਨੰੂ 2027 ਦੀਆਂ ਚੋਣਾਂ 'ਚ ਭੁਗਤਣਾ ਪਵੇਗਾ |