ਗੁਰਦਾਸਪੁਰ, 17 ਮਈ (ਪੰਕਜ ਸ਼ਰਮਾ)-ਗੁਰਦਾਸਪੁਰ ਸ਼ਹਿਰ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਸ਼ਹਿਰ ਦੇ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ | ਇਸ ਮਾਮਲੇ ਨੂੰ ਲੈ ਕੇ ਸਾਬਕਾ ਕੌਂਸਲਰ ਹਰਜੀਤ ਸਿੰਘ ਬੱਗਾ ਨੇ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ, ਤਾਂ ਜੋ ਸ਼ਹਿਰ ਨੂੰ ਗੰਭੀਰ ਸਿਹਤ ਸੰਕਟ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸਿਟੀ ਦੇ ਕਈ ਮੁਹੱਲਿਆਂ ਤੇ ਗਲੀਆਂ 'ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗਰਮੀ ਦੇ ਮੌਸਮ 'ਚ ਗੰਦਗੀ ਤੇ ਕੂੜੇ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਕਾਫ਼ੀ ਵੱਧ ਗਿਆ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਹਾਲਾਤ ਕਾਬੂ ਤੋਂ ਬਾਹਰ ਹੋ ਸਕਦੇ ਹਨ | ਹਰਜੀਤ ਸਿੰਘ ਬੱਗਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਕੋਈ ਠੋਸ ਹੱਲ ਕੱਢਣਾ ਚਾਹੀਦਾ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ ਅਤੇ ਸਫ਼ਾਈ ਪ੍ਰਬੰਧ ਮੁੜ ਪੱਟੜੀ 'ਤੇ ਆ ਸਕਣ |