ਗੁਰਦਾਸਪੁਰ, 18 ਮਈ (ਅਸ਼ੋਕ ਸ਼ਰਮਾ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਹੋਣੀ ਹੈ | 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਨੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਦਾ 85.02 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਕੁੱਲ 1553 ਪੋਲਿੰਗ ਸਟੇਸ਼ਨਾਂ 'ਚ 1289140 ਵੋਟਰ ਹਨ, ਜਿਨ੍ਹਾਂ 'ਚੋਂ 1095988 ਵੋਟਰ ਮੈਪ ਕੀਤੇ ਹਨ | ਜਦ ਕਿ 193152 ਵੋਟਰ ਅਨਮੈਪ ਹਨ | ਇਸ ਕਾਰਜ ਲਈ ਜ਼ਿਲ੍ਹੇ 'ਚ 1555 ਬੀ.ਐਲ.ਓਜ਼, 161 ਸੁਪਰਵਾਈਜ਼ਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਬੀ ਐੱਲ ਓਜ਼ ਨੂੰ ਟ੍ਰੇਨਿੰਗ ਦੇਣ ਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ | ਪੋਲਿੰਗ ਸਟੇਸ਼ਨਾਂ ਨੂੰ ਰੈਸ਼ਨੇਲਾਈਜ਼ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜੇਕਰ ਰਾਜਸੀ ਪਾਰਟੀਆਂ ਦੇ ਕੋਈ ਸੁਝਾਅ ਹਨ ਤਾਂ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਦਿੱਤੇ ਜਾ ਸਕਦੇ ਹਨ | ਵੋਟਰ ਸੂਚੀ ਦਾ ਖਰੜਾ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸਬੰਧੀ ਇਤਰਾਜ਼ ਤੇ ਦਾਅਵੇ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ | ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ | ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ ਤੇ ਸੂਚਨਾ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਜਮ੍ਹਾਂ ਕਰਵਾਈ ਜਾਵੇ | ਜ਼ਿਲ੍ਹਾ ਗੁਰਦਾਸਪੁਰ ਦਾ ਵੋਟਰ ਹੈਲਪ ਲਾਈਨ ਨੰਬਰ 1950 ਹੈ | ਇਸ ਨੰਬਰ 'ਤੇ ਚੋਣਾਂ ਜਾਂ ਐੱਸ.ਆਈ ਆਰ ਨਾਲ ਸਬੰਧਤ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ, ਆਮ ਆਦਮੀ ਪਾਰਟੀ ਤੋਂ ਧਰੁਵ ਬਹਿਲ, ਕਾਂਗਰਸ ਤੋਂ ਗੁਰਵਿੰਦਰ ਲਾਲ, ਭਾਜਪਾ ਤੋਂ ਰਾਜਨ ਗੋਇਲ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਤੇਜਬੀਰ ਸਿੰਘ, ਸੰਯੁਕਤ ਸਮਾਜ ਪਾਰਟੀ (ਬੀ.ਕੇ.ਯੂ ਚੜੂਨੀ) ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਅਤੇ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਤੋਂ ਸੁਖਦੇਵ ਸਿੰਘ, ਚੋਣ ਕਾਨੰੂਗੋ ਸੁਨੀਲ ਕੁਮਾਰ ਮੌਜੂਦ ਸਨ |