ਕਾਹਨੂੰਵਾਨ, 19 ਮਈ (ਨਿਸ਼ਾਨ ਸਿੰਘ ਚਾਹਲ)-ਆਲ ਇੰਡੀਆ ਆਰਗੇਨਾਈਜੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਵਲੋਂ 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਕਾਹਨੂੰਵਾਨ ਖੇਤਰ ਤੇ ਇਸ ਦੇ ਨਾਲ ਲਗਦੇ ਕਸਬਿਆਂ 'ਚ ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ | ਕੈਮਿਸਟ ਮੰਗ ਕਰ ਰਹੇ ਹਨ ਕਿ ਆਨਲਾਈਨ ਦਵਾਈਆਂ ਦੀ ਵਿਕਰੀ ਬੰਦ ਕੀਤੀ ਜਾਵੇ ਅਤੇ ਦਵਾਈਆਂ ਦੀ ਕਾਲਾ ਬਾਜ਼ਾਰੀ ਅਤੇ ਨਕਲੀ ਦਵਾਈਆਂ ਦੇ ਕਾਰੋਬਾਰ ਨੂੰ ਰੋਕਿਆ ਜਾਵੇ | ਇਸ ਬੰਦ ਨੂੰ ਸਫ਼ਲ ਬਣਾਉਣ ਲਈ ਕਾਹਨੂੰਵਾਨ ਵਿਚ ਐਸੋਸੀਏਸ਼ਨ ਦੀ ਇਕ ਮੀਟਿੰਗ ਡਾ. ਕਰਮਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ. ਸੇਖੋਂ ਨੇ ਕਿਹਾ ਕਿ ਆਨਲਾਈਨ ਪ੍ਰਣਾਲੀ ਰਾਹੀਂ ਨਕਲੀ ਦਵਾਈਆਂ ਦੀ ਵਿਕਰੀ ਹੋਣ ਦੇ ਨਾਲ ਜਿੱਥੇ ਪੰਜਾਬ ਦੇ 27 ਹਜ਼ਾਰ ਤੋਂ ਵੱਧ ਦਵਾਈ ਵਿਕਰੇਤਾਵਾਂ ਦਾ ਕਾਰੋਬਾਰ ਚੌਪਟ ਹੋ ਰਿਹਾ ਹੈ, ਉਥੇ ਮਰੀਜ਼ਾਂ ਦੀ ਸਿਹਤ ਦੇ ਨਾਲ ਵੀ ਖਿਲਵਾੜ ਹੋ ਰਿਹਾ ਹੈ |