ਡੇਰਾ ਬਾਬਾ ਨਾਨਕ, 19 ਮਈ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਨਗਰ ਸ਼ਾਹਪੁਰ ਜਾਜਨ ਵਿਖੇ ਬਣ ਰਹੇ ਖੇਡ ਮੈਦਾਨ ਦਾ ਦੌਰਾ ਕੀਤਾ ਗਿਆ ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਵਲੋਂ ਖੇਡਾਂ ਨਾਲ ਜੁੜੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੀ ਵੰਡਿਆ ਗਿਆ ਤਾਂ ਜੋ ਉਹ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਹੋਣ ਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕਰਨ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਵਿਚ ਖੇਡਾਂ ਨੂੰ ਪ੍ਰੋਤਸ਼ਾਹਿਤ ਹਿੱਤ ਕਰਨ ਅਤੇ ਨੌਜਵਾਨਾਂ ਲਈ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਸੁਨਹਿਰੀ ਭਵਿੱਖ ਸਾਡੀ ਸਭ ਤੋਂ ਵੱਡੀ ਤਰਜੀਹ ਹੈ | ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ, ਨਵੇਂ ਖੇਡ ਮੈਦਾਨਾਂ ਅਤੇ ਪਿੰਡ-ਪਿੰਡ ਚੱਲ ਰਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲ ਗਈ ਹੈ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹਨ ਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ |