ਗੁਰਦਾਸਪੁਰ, 3 ਜੂਨ (ਚੱਕਰਾਜਾ)-ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹੇ 'ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਲਈ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਕਮਲ ਕੁਮਾਰ ਗਰਗ ਆਈ.ਏ.ਐੱਸ ਵਲੋਂ ਅੱਜ ਗੁਰਦਾਸਪੁਰ ਵਿਖੇ ਪਹੁੰਚ ਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਵਲੋਂ ਗੁਰਦਾਸਪੁਰ ਤੇ ਦੀਨਾਨਗਰ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਮਜ਼ਦਗੀ ਸੈਂਟਰਾਂ 'ਚ ਉਮੀਦਵਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਰਾਜ ਚੋਣ ਕਮਿਸ਼ਨ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ | ਚੋਣ ਆਬਜ਼ਰਵਰ ਵਲੋਂ ਵੋਟਾਂ ਵਾਲੇ ਦਿਨ ਵੋਟਰਾਂ ਲਈ ਬਿਨ੍ਹਾਂ ਕਿਸੇ ਅਸੁਵਿਧਾ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਨਿਰਪੱਖ ਤੇ ਸ਼ਾਂਤੀ ਪੂਰਵਕ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਸ਼ਿਕਾਇਤਾਂ ਲਈ ਉਨ੍ਹਾਂ ਦੇ ਮੋਬਾਈਲ ਨੰਬਰ 98888-36658 ਜਾਂ ਈਮੇਲ observermcelection0gmail.com 'ਤੇ ਸੰਪਰਕ ਕੀਤਾ ਜਾ ਸਕਦਾ ਹੈ |