ਪਠਾਨਕੋਟ, 3 ਜੂਨ (ਸੰਧੂ)-ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਟਰੱਸਟ ਅਧੀਨ ਆਉਂਦੇ ਵੱਖ-ਵੱਖ ਖੇਤਰਾਂ 'ਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ | ਅੱਜ ਚੇਅਰਮੈਨ ਸੌਰਭ ਬਹਿਲ ਨੇ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ਸਮੇਤ ਟਰੱਸਟ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਸਬੰਧਿਤ ਅਧਿਕਾਰੀਆਂ ਤੋਂ ਪ੍ਰਗਤੀ ਸਬੰਧੀ ਜਾਣਕਾਰੀ ਹਾਸਲ ਕੀਤੀ | ਦੌਰੇ ਦੌਰਾਨ ਉਨ੍ਹਾਂ ਸੜਕਾਂ ਦੇ ਨਿਰਮਾਣ ਤੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਗੁਣਵੱਤਾ ਦੀ ਬਾਰੀਕੀ ਨਾਲ ਜਾਂਚ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਮਿਆਰਾਂ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਰੇ ਪ੍ਰੋਜੈਕਟ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਚੇਅਰਮੈਨ ਸੌਰਭ ਬਹਿਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਖੇਤਰਾਂ ਦੀਆਂ ਸੜਕਾਂ ਦੀ ਖਸਤਾ ਹਾਲਤ ਕਾਰਨ ਸਥਾਨਿਕ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਚੱਲ ਰਹੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨਾਗਰਿਕਾਂ ਨੂੰ ਆਧੁਨਿਕ ਤੇ ਬਿਹਤਰ ਸਹੂਲਤਾਂ ਉਪਲੱਬਧ ਹੋਣਗੀਆਂ | ਇਸ ਮੌਕੇ ਟਰੱਸਟ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |