ਡੇਰਾ ਬਾਬਾ ਨਾਨਕ, 4 ਜੂਨ (ਹੀਰਾ ਸਿੰਘ ਮਾਂਗਟ)-ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਚੋਲਾ ਸਾਹਿਬ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੰਸ਼ਜ਼ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪੁੰਨਿਆ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਸ਼ਾਮ ਸਿੰਘ ਜੋੜੀਆਂ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਵਲੋਂ ਸੰਗਤਾਂ ਨਾਲ ਮਿਲ ਕੇ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਪੜਿਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਨੇ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਵਲੋਂ ਦਰਸਾਏ ਗਏ ਮਾਰਗ 'ਤੇ ਚਲਦਿਆਂ ਊਚ-ਨੀਚ ਦਾ ਭੇਦ ਮਿਟਾ ਕੇ ਗੁਰਬਾਣੀ ਦੇ ਲੜ ਲੱਗਣਾ ਚਾਹੀਦਾ ਹੈ | ਇਸ ਮੌਕੇ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਵੀ ਗੁਰੂ ਮਹਾਰਾਜ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ |