07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੇ ਅਣਗੌਲੇ ਰਵੱਈਏ ਦੀ ਨਿਖੇਧੀ

ਅਜੀਤ ਡੈਸਕ 05-06-2026
ਪਠਾਨਕੋਟ, 4 ਜੂਨ (ਸੰਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਸ਼ਹਿਰੀ ਤੇ ਦਿਹਾਤੀ ਮੰਡਲ ਪਠਾਨਕੋਟ ਤੇ ਸਥਾਨਕ ਇੰਜੀਨੀਅਰਿੰਗ ਮੰਡਲ ਮਲਿਕਪੁਰ ਨਾਲ ਸਬੰਧਿਤ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਪਾਵਰਕਾਮ ਕੰਪਲੈਕਸ ਪਠਾਨਕੋਟ ਵਿਖੇ ਸਾਥੀ ਸੁਰਜੀਤ ਸਿੰਘ ਬੜੋਈ ਤੇ ਸਾਥੀ ਫੌਜਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰ ਆਗੂ ਕਾਮਰੇਡ ਬਿਕਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਤੇ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਤਿੱਖੀ ਨਿਖੇਧੀ ਕੀਤੀ | ਪੈਨਸ਼ਨਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਬੰਧਿਤ ਕਿਸੇ ਵੀ ਅਹਿਮ ਮਸਲੇ ਦਾ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਰਤੀ ਵਰਗ ਆਪਣੀਆਂ ਜਾਇਜ਼ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਅਦਾਲਤਾਂ ਮੁਲਾਜ਼ਮਾਂ ਦੇ ਹੱਕ 'ਚ ਫ਼ੈਸਲੇ ਦਿੰਦੀਆਂ ਹਨ, ਤਾਂ ਸਰਕਾਰ ਉਨ੍ਹਾਂ ਨੂੰ ਲਾਗੂ ਕਰਨ ਦੀ ਬਜਾਏ ਉੱਚ ਅਦਾਲਤਾਂ ਵਿਚ ਅਪੀਲ ਕਰ ਦਿੰਦੀ ਹੈ | ਆਗੂਆਂ ਨੇ ਕਿਹਾ ਕਿ ਪੰਜਾਬ 'ਚ ਅਫ਼ਸਰਸ਼ਾਹੀ ਤੇ ਪੁਲਿਸ ਰਾਜ ਦਾ ਮਾਹੌਲ ਬਣਿਆ ਹੋਇਆ ਹੈ | ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਾਂਝੇ ਸੰਘਰਸ਼ਾਂ ਦਾ ਰਾਹ ਅਪਣਾਉਣਾ ਪੈ ਰਿਹਾ ਹੈ | ਉਨ੍ਹਾਂ ਮੁਲਾਜ਼ਮ-ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਕਿਰਤੀ ਵਰਗ ਦੇ ਚੱਲ ਰਹੇ ਅੰਦੋਲਨਾਂ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ | ਇਸ ਤੋਂ ਇਲਾਵਾ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਬਿਜਲੀ ਯੂਨਿਟਾਂ ਵਿਚ ਰਿਆਇਤ ਬਹਾਲ ਕਰਨ ਅਤੇ ਕੈਸ਼ਲੈਸ ਮੈਡੀਕਲ ਬੀਮਾ ਯੋਜਨਾ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ | ਮੀਟਿੰਗ ਨੂੰ ਰਣਬੀਰ ਸਿੰਘ, ਨਸੀਬ ਸਿੰਘ, ਮੋਹਨ ਲਾਲ, ਵਿਜੈ ਸ਼ਰਮਾ, ਪ੍ਰੀਤਮ ਸਿੰਘ ਅਤੇ ਹੰਸ ਰਾਜ ਸਿੰਘ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਆਨਲਾਈਨ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੇ ਪੁਲਿਸ ਥਾਣਾ ਡਵੀਜ਼ਨ ਨੰਬਰ-2 'ਚ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਪਿੰਡ ਮਾਜਰਾ ਦੇ 15 ਪਰਿਵਾਰ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।