ਨਰੋਟ ਮਹਿਰਾ, 4 ਜੂਨ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ਵਿਖੇ ਬੀਤੇ ਦਿਨੀਂ ਨੌਜਵਾਨ ਗੁਰਬਾਜ਼ ਸਿੰਘ ਦੇ ਹੋਏ ਕਤਲ ਦੀ ਦੁਖਦ ਘਟਨਾ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮਿ੍ਤਕ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਹੌਂਸਲਾ ਦਿੰਦਿਆਂ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਪੂਰਾ ਇਨਸਾਫ਼ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜੀ ਹੈ ਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਰਵੀ ਕੁਮਾਰ ਸਰਪੰਚ ਨਵੀਂ ਜਸਵਾਲੀ, ਪਿੰਡ ਗੁਲਪੁਰ ਸਰਪੰਚ ਮੰਗਲ ਦਾਸ, ਪਿੰਡ ਸਮਰਾਲਾ ਦੇ ਸਰਪੰਚ ਬੱਬੂ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਵਿਅਕਤੀ ਤੇ ਸਥਾਨਕ ਲੋਕ ਵੀ ਮੌਜੂਦ ਸਨ, ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |