ਸ੍ਰੀ ਹਰਿਗੋਬਿੰਦਪੁਰ, 5 ਜੂਨ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਸ੍ਰੀ ਹਰਿਗੋਬਿੰਦਪੁਰ ਦੀ ਵਸਨੀਕ ਸੁਖਵਿੰਦਰ ਕੌਰ ਨੂੰ ਪਾਰਟੀ ਹਾਈਕਮਾਂਡ ਨੇ ਹਲਕੇ ਦੀ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸਮੇਂ ਨਵ-ਨਿਯੁਕਤ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਸੁਖਵਿੰਦਰ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾ. ਮੰਤਰੀ ਬਿਕਰਮ ਸਿੰਘ ਮਜੀਠੀਆ, ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵੇਗੀ ਤੇ ਜਲਦੀ ਹੀ ਹਲਕੇ ਦੇ ਸਰਕਲਾਂ ਵਿਚੋਂ ਇਸਤਰੀ ਵਿੰਗ ਦੀਆਂ ਇਕਾਈਆਂ ਬਣਾ ਕਿ ਬੀਬੀਆਂ ਸਰਕਲ ਪ੍ਰਧਾਨ ਬਣਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਨਵ-ਨਿਯੁਕਤ ਹਲਕਾ ਪ੍ਰਧਾਨ ਸੁਖਵਿੰਦਰ ਕੌਰ ਸ੍ਰੀ ਹਰਿਗੋਬਿੰਦਪੁਰ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਕੰਮ ਕੀਤਾ ਜਾ ਰਿਹਾ ਸੀ ਅਤੇ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੀ ਮਿਹਨਤ ਨੂੰ ਵੇਖਦੇ ਹੋਏ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਇਸ ਸਮੇਂ ਮਲਕੀਤ ਸਿੰਘ ਜੇ.ਈ., ਜਸਵਿੰਦਰ ਕੌਰ, ਨਰਿੰਦਰ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ |