ਗੁਰਦਾਸਪੁਰ, 9 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਗੁਰਦਾਸਪੁਰ ਦੀਆਂ ਚੋਣਾਂ ਨੂੰ ਲੈ ਕੇ ਵਾਰਡ ਨੰਬਰ 19 ਤੋਂ ਆਜ਼ਾਦ ਉਮੀਦਵਾਰ ਜੰਗ ਬਹਾਦਰ ਵਲੋਂ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਤਹਿਤ ਉਨ੍ਹਾਂ ਨੇ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਜੰਗ ਬਹਾਦਰ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਵਾਰਡ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧ, ਗਲੀਆਂ-ਨਾਲੀਆਂ ਦੀ ਮੁਰੰਮਤ, ਸਟਰੀਟ ਲਾਈਟਾਂ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਸੁਧਾਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ | ਜੰਗ ਬਹਾਦਰ ਨੇ ਕਿਹਾ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਨਹੀਂ, ਸਗੋਂ ਲੋਕਾਂ ਦੇ ਸਹਿਯੋਗ ਤੇ ਭਰੋਸੇ ਨਾਲ ਚੋਣ ਮੈਦਾਨ ਵਿੱਚ ਉੱਤਰੇ ਹਨ | ਉਨ੍ਹਾਂ ਨੂੰ ਵਾਰਡ ਦੇ ਹਰ ਵਰਗ ਤੋਂ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਉਹ ਕਾਫੀ ਉਤਸ਼ਾਹਿਤ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਸਮਰਥਕ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਜੰਗ ਬਹਾਦਰ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਯਤਨਸ਼ੀਲ ਰਹਿਣਗੇ |