ਪਠਾਨਕੋਟ, 9 ਜੂਨ (ਸੰਧੂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਇਹ ਕਾਨੂੰਨ-ਵਿਵਸਥਾ ਲਈ ਵੱਡੀ ਚੁਨੌਤੀ ਬਣਦੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਚੋਰੀ ਦੀਆਂ ਘਟਨਾਵਾਂ ਵਿਚ ਹੋ ਰਹੇ ਵਾਧੇ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਰਿਹਾ ਹੈ | ਅਸ਼ੋਕ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਦੇ ਕਈ ਸਿਆਸੀ ਆਗੂਆਂ ਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ | ਜਿਸ ਕਾਰਨ ਪੁਲਿਸ ਵਿਭਾਗ ਦੇ ਕਾਫ਼ੀ ਕਰਮਚਾਰੀ ਵੀ.ਆਈ.ਪੀ. ਸੁਰੱਖਿਆ ਡਿਊਟੀਆਂ ਵਿਚ ਤਾਇਨਾਤ ਹਨ | ਉਨ੍ਹਾਂ ਦਾਅਵਾ ਕੀਤਾ ਕਿ ਇਸ ਦੇ ਨਤੀਜੇ ਵਜੋਂ ਚੋਰੀ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਲੋੜੀਂਦਾ ਪੁਲਿਸ ਬਲ ਮੈਦਾਨ ਵਿਚ ਉਪਲੱਬਧ ਨਹੀਂ ਹੋ ਪਾ ਰਿਹਾ | ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨੂੰ ਆਮ ਜਨਤਾ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਸ਼ਹਿਰ ਤੇ ਪਿੰਡਾਂ ਵਿਚ ਗਸ਼ਤ ਵਧਾ ਕੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੌਜੂਦਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਇਸ ਤਰ੍ਹਾਂ ਯਕੀਨੀ ਬਣਾਈ ਜਾਵੇ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਅਪਰਾਧਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਅੰਕੁਸ਼ ਲਗਾਉਣ ਵਿਚ ਮਦਦ ਮਿਲ ਸਕੇ | ਅਸ਼ੋਕ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਪ੍ਰਸ਼ਾਸਨ ਤੋਂ ਉਮੀਦ ਕਰਦੀ ਹੈ ਕਿ ਜ਼ਿਲੇ ਵਿਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਅਤੇ ਪ੍ਰਭਾਵੀ ਕਦਮ ਚੁੱਕੇ ਜਾਣਗੇ |