ਪਠਾਨਕੋਟ, 10 ਜੂਨ (ਸੁਮਿਤ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਪਠਾਨਕੋਟ ਬੱਸ ਡਿਪੋ ਵਿਚ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਰਮਚਾਰੀਆਂ ਨੇ ਰਾਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿੱਲੋਮੀਟਰ ਸਕੀਮ ਤਹਿਤ ਨਵੀਆਂ ਬੱਸਾਂ ਚਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ | ਜਿਸ ਦਾ ਕਰਮਚਾਰੀ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਰਕਾਰੀ ਆਵਾਜਾਈ ਪ੍ਰਣਾਲੀ ਤੇ ਕਰਮਚਾਰੀਆਂ ਦੇ ਹਿਤ ਪ੍ਰਭਾਵਿਤ ਹੋਣਗੇ | ਕਰਮਚਾਰੀਆਂ ਨੇ ਮੰਗ ਕੀਤੀ ਕਿ ਸਰਕਾਰੀ ਬੇੜੇ ਵਿਚ ਨਵੀਆਂ ਬੱਸਾਂ ਸਿੱਧੇ ਤੌਰ 'ਤੇ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਅਧੀਨ ਸ਼ਾਮਿਲ ਕੀਤੀਆਂ ਜਾਣ | ਪ੍ਰਦਰਸ਼ਨਕਾਰੀਆਂ ਨੇ ਸੰਗਰੂਰ ਜੇਲ੍ਹ ਵਿਚ ਬੰਦ ਯੂਨੀਅਨ ਮੈਂਬਰਾਂ ਦੀ ਰਿਹਾਈ ਦੀ ਵੀ ਮੰਗ ਕੀਤੀ | ਉਨ੍ਹਾਂ ਦਾ ਦੋਸ਼ ਹੈ ਕਿ ਕਰਮਚਾਰੀ ਆਗੂਆਂ ਦੀ ਗਿ੍ਫ਼ਤਾਰੀ ਰਾਹੀਂ ਯੂਨੀਅਨ ਗਤੀਵਿਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਜਲਦੀ ਸਕਾਰਾਤਮਿਕ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਹੜਤਾਲ ਕਾਰਨ ਕਈ ਬੱਸ ਸੇਵਾਵਾਂ ਪ੍ਰਭਾਵਿਤ ਰਹੀਆਂ, ਜਿਸ ਕਰਕੇ ਯਾਤਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |